ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਸਾਂਝਾ ਹੰਭਲਾ ਮਾਰਨ ਵਿਭਾਗ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਾਂਝਾ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਭਾਗ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਆਪਣੇ ਤੋਂ ਸ਼ੁਰੂਆਤ ਕਰਨ, ਉਪਰੰਤ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਪਲਾਸਟਿਕ ਨੂੰ ਬਿਲਕੁੱਲ ਬੰਦ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਾਗਰੂਕਤਾ ਤੋਂ ਬਾਅਦ ਵੀ ਜੇਕਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਾਹਮਣੇ ਆਉਂਦੀ ਹੈ, ਤਾਂ ਚਲਾਨ ਕਰਨੇ ਯਕੀਨੀ ਬਣਾਏ ਜਾਣ।

Advertisements

ਸੰਦੀਪ ਹੰਸ ਨੇ ਕਿਹਾ ਕਿ ਕਿਸੇ ਵੀ ਰੂਪ ਵਿਚ ਪਲਾਸਟਿਕ ਵਾਤਾਵਰਣ ਲਈ ਨੁਕਸਾਨਦੇਹ ਹੈ, ਇਸ ਲਈ ਇਸ ਦੀ ਵਰਤੋਂ ਨਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਣ ਲਈ ਇਕਜੁੱਟਤਾ ਨਾਲ ਸਾਂਝੇ ਯਤਨਾਂ ਦੀ ਲੋੜ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਵਾਤਾਵਰਣ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫੇ ਵਾਤਾਵਰਣ ਦੀ ਸੰਭਾਲ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖਰਾਬ ਫ਼ਲ ਅਤੇ ਸਬਜ਼ੀਆਂ ਲਿਫਾਫਿਆਂ ਵਿਚ ਸੁੱਟਣ ਨਾਲ ਇਹ ਲਿਫਾਫੇ ਜਲਦੀ ਜ਼ਮੀਨ ਵਿਚ ਗਲਦੇ ਨਹੀਂ ਹਨ, ਜਿਸ ਕਾਰਨ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਇਸ ਤੋਂ ਇਲਾਵਾ ਲਿਫਾਫਿਆਂ ਸਮੇਤ ਖਰਾਬ ਸਬਜ਼ੀਆਂ ਅਤੇ ਫ਼ਲ ਖਾਣ ਨਾਲ ਜਾਨਵਰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ, ਬਲਕਿ ਵਾਤਾਵਰਣ ਅਨੁਕੂਲ ਥੈਲਿਆਂ ਦੀ ਹੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਹੀ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਸਭ ਨੂੰ ਅੱਗੇ ਆ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ। ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਐਨ.ਜੀ.ਓਜ਼ ਨੂੰ ਵੀ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੀ.ਸੀ.ਐਸ. ਅੰਡਰ ਟ੍ਰੇਨਿੰਗ ਵਿਓਮ ਭਾਰਦਵਾਜ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਸਮੂਹ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।  

LEAVE A REPLY

Please enter your comment!
Please enter your name here