Saturday, October 24, 2026
Home Chandigarh ਮੁੱਖ ਮੰਤਰੀ ਵੱਲੋਂ ਐਮਐਸਪੀ ਲਈ ਕਾਇਮ ਕੀਤੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ...

ਮੁੱਖ ਮੰਤਰੀ ਵੱਲੋਂ ਐਮਐਸਪੀ ਲਈ ਕਾਇਮ ਕੀਤੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ‘ਤੇ ਐਨਡੀਏ ਸਰਕਾਰ ਦੀ ਸਖਤ ਆਲੋਚਨਾ

ਚੰਡੀਗੜ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ ਘੱਟ ਸਮਰਥਨ ਮੁੱਲ ਦੀਆਂ ਸਿਫਾਰਸ਼ਾਂ ਲਈ ਕਾਇਮ ਕੀਤੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਦਾ ਵਿਤਕਰੇ ਭਰਿਆ ਕਦਮ ਦੱਸਦਿਆਂ ਕਿਹਾ ਕਿ ਕੌਮੀ ਅੰਨ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਨੂੰ ਉਚ ਤਾਕਤੀ ਕਮੇਟੀ ਵਿੱਚੋਂ ਬਾਹਰ ਕਿਉਂ ਰੱਖਿਆ ਗਿਆ ਜਿਸ ਬਾਰੇ ਕੇਂਦਰ ਦੀ ਸਰਕਾਰ ਹੀ ਭਲੀ ਭਾਂਤ ਦੱਸ ਸਕਦੀ ਹੈ। ਉਨਾਂ ਕਿਹਾ ਕਿ ਜਿਸ ਢੰਗ ਨਾਲ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਇਸ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ।

Advertisements

ਉਨਾਂ ਕਿਹਾ ਕਿ ਅਸਲ ਵਿਚ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਦਾ ਮੌਕਾ ਨਹੀਂ ਦੇਣਾ ਚਾਹੁੰਦੀ ਅਤੇ ਖਾਸ ਕਰਕੇ ਘਾਤਕ ਖੇਤੀ ਕਾਨੂੰਨ ਵਿਰੁੱਧ ਸੂਬੇ ਦੇ ਕਿਸਾਨਾਂ ਦੇ ਸਖਤ ਵਿਰੋਧ ਤੋਂ ਬਾਅਦ ਕੇਂਦਰ ਨੇ ਇਹ ਵਤੀਰਾ ਅਪਣਾਇਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਤਾਨਾਸ਼ਾਹੀ ਵਾਲਾ ਸਲੂਕ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੇ ਕਿਸਾਨ ਨੁਮਾਇੰਦਿਆਂ ਤੋਂ ਬਿਨਾਂ ਇਸ ਕਮੇਟੀ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨਾਂ ਅੱਗੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਤੋਂ ਬਿਨਾਂ ਬਣੀ ਕਮੇਟੀ “ਰੂਹ ਬਿਨਾਂ ਸਰੀਰ” ਵਾਂਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਕਿਸਾਨਾਂ ਦੀ ਭਲਾਈ ਕਰਨ ਦੀ ਬਜਾਏ ਪੰਜਾਬ ਦੇ ਅੰਨਦਾਤਿਆਂ ਨਾਲ ਕਿੜ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨਾਂ ਕਿਹਾ ਕਿ ਐਮ.ਐਸ.ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ ਤਾਂ ਇਸ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਸ਼ਮੂਲੀਅਤ ਤੋਂ ਬਗੈਰ ਜ਼ਮੀਨੀ ਹਕੀਕਤਾਂ ਤੋਂ ਕੋਰੇ ਅਰਥ ਸ਼ਾਸਤਰੀਆਂ ਉਤੇ ਆਧਾਰਤ ਇਹ ਕਮੇਟੀ ਦੇਸ਼ ਖ਼ਾਸ ਤੌਰ ਉਤੇ ਪੰਜਾਬ ਦੇ ਅੰਨਦਾਤਿਆਂ ਨਾਲ ਨਿਆਂ ਕਰਨ ਦੇ ਯੋਗ ਨਹੀਂ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਬੇਤਹਾਸ਼ਾ ਵਧ ਰਹੀਆਂ ਖੇਤੀ ਲਾਗਤਾਂ ਅਤੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਦੇ ਮਿਲ ਰਹੇ ਨਿਗੂਣੇ ਭਾਅ ਕਾਰਨ ਉਹ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦਬੇ ਹੋਏ ਹਨ। ਉਨਾਂ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਪੰਜਾਬੀ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਹੀ ਐਮ.ਐਸ.ਪੀ. ਤੈਅ ਕਰਨ ਦੀ ਲੋੜ ਹੈ ਤਾਂ ਕਿ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ, ‘‘ਕੇਂਦਰ ਸਰਕਾਰ ਨੂੰ ਸਮੇਂ ਦੀ ਮੰਗ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਕਿਸਾਨਾਂ ਨੂੰ ਇਸ ਕਮੇਟੀ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਕਿ ਉਨਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।”

LEAVE A REPLY

Please enter your comment!
Please enter your name here