ਡਾ. ਇੰਦਰਬੀਰ ਨਿੱਜਰ ਵੱਲੋਂ ਅਧਿਕਾਰੀਆਂ ਨੂੰ ਆਪਣਾ ਰਵੱਈਆ ਤੁਰੰਤ ਬਦਲਣ ਦੀਆਂ ਸਪੱਸ਼ਟ ਹਦਾਇਤਾਂ

ਪਟਿਆਲਾ , (ਦ ਸਟੈਲਰ ਨਿਊਜ਼)। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੱਘ ਨਿੱਜਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਤੁਰੰਤ ਨਿਬੇੜਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਡਾ. ਨਿੱਜਰ, ਜਿਨ੍ਹਾਂ ਕੋਲ ਸੰਸਦੀ ਮਾਮਲੇ, ਜਲ ਤੇ ਭੂਮੀ ਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੀ ਹਨ, ਨੇ ਅੱਜ ਪਟਿਆਲਾ ਸ਼ਹਿਰ ਦੇ ਆਪਣੇ ਪਲੇਠੇ ਦੌਰੇ ਮੌਕੇ ਨਗਰ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਲੋਕ ਮਸਲੇ ਫ਼ੌਰੀ ਹੱਲ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿਵਾਈ ਜਾਵੇ।

Advertisements

ਇੱਥੇ ਸਰਕਟ ਹਾਊਸ ਵਿਖੇ ਪੁਲਿਸ ਟੁਕੜੀ ਤੋਂ ਸਲਾਮੀ ਲੈਣ ਬਾਅਦ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪਟਿਆਲਾ ਦੇ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹਰਮੀਤ ਸਿੰਘ ਪਠਾਣਮਾਜਰਾ ਨਾਲ ਬੈਠਕ ਕੀਤੀ, ਜਿਸ ਦੌਰਾਨ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਇੱਕ ਚੰਗੀ ਸੋਚ ਲੈਕੇ ਬਣੀ ਹੈ, ਜਿਸ ਕਰਕੇ ਪਿਛਲੀਆਂ ਰਵਾਇਤਾਂ ਤੋਂ ਹੱਟਕੇ ਆਪਣੇ ਆਪ ਨੂੰ ਬਦਲ ਲਿਆ ਜਾਵੇ, ਕਿਉਂਕਿ ਸਮੂਹ ਵਿਧਾਇਕ ਤੇ ਮੰਤਰੀ ਆਪਣੀ ਚੰਗੀ ਸੋਚ ‘ਚ ਕੋਈ ਬਦਲਾਅ ਨਹੀਂ ਲਿਆਉਣ ਵਾਲੇ। ਇਸ ਲਈ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।

ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪਟਿਆਲਾ ਦੇ ਨਹਿਰੀ ਪਾਣੀ ਪ੍ਰਾਜੈਕਟ ਦੀ ਸਮਰੱਥਾ ‘ਚ ਵਾਧਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਬਾਦੀ ਦੇ ਹਿਸਾਬ ਨਾਲ ਵਾਰਡਾਂ ਦੀ ਗਿਣਤੀ ਵਧਾਉਣ ਲਈ ਸਰਵੇ ਕਰਵਾਇਆ ਜਾ ਰਿਹਾ ਹੈ। ਨਜਾਇਜ਼ ਉਸਾਰੀਆਂ, ਸੜਕਾਂ ਦੀ ਹਾਲਤ ਆਦਿ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜਦਕਿ ਨਜਾਇਜ਼ ਕਲੋਨੀਆਂ ਦਾ ਮਸਲਾ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਜ਼ਿਨ੍ਹਾਂ ਬਾਰੇ ਰਾਜ ਸਰਕਾਰ ਵਲੋਂ ਲੋਕ ਹਿੱਤੂ ਫੈਸਲਾ ਲਿਆ ਜਾਵੇਗਾ ਕਿਉਂਕਿ ਇਸ ਸਬੰਧੀ ਲਗਾਤਾਰ ਵਿਚਾਰਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੋਨੀਆਂ ਦੇ ਬਸ਼ਿੰਦਿਆਂ ਨੂੰ ਕਿਸੇ ਵੀ ਹਾਲਤ ਵਿੱਚ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ।

ਬਾਅਦ ਵਿੱਚ ਵਿਧਾਇਕਾਂ ਦੀ ਮੌਜੂਦਗੀ ‘ਚ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉੱਪਲ, ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ ਤੇ ਨਮਨ ਮੜਕਨ ਸਮੇਤ ਵੱਖ-ਵੱਖ ਬ੍ਰਾਂਚਾਂ ਦੇ ਮੁਖੀਆਂ ਨਾਲ ਬੈਠਕ ਕਰਦਿਆਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਲੋਕਾਂ ਨੂੰ ਸਮਾਂਬੱਧ ਤੇ ਖੱਜਲ ਖੁਆਰੀ ਰਹਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ‘ਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਜਾਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਠਾਏ ਗਏ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਅਧਾਰ ‘ਤੇ ਡਾ. ਨਿੱਜਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮੁੱਚੇ ਵਿਕਾਸ ਕੰਮਾਂ ਦੀ ਅਧਿਕਾਰੀ ਖ਼ੁਦ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਗ਼ਲਤ ਤੇ ਗ਼ੈਰਕਾਨੂੰਨੀ ਕੰਮ ਕਰਨ ਦੀ ਕਿਸੇ ਨੂੰ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਜਾਇਜ਼ ਤੇ ਕਾਨੂੰਨੀ ਕੰਮ ‘ਚ ਕੋਈ ਅੜਚਨ ਨਾ ਪਾਈ ਜਾਵੇ।

ਡਾ. ਨਿੱਜਰ ਨੇ ਕਿਹਾ ਕਿ ਸੀਵਰੇਜ ਦੀ ਸਫ਼ਾਈ ਤੇ ਪੀਣ ਵਾਲਾ ਸਾਫ਼ ਪਾਣੀ ਲੋਕਾਂ ਨੂੰ ਮੁਹੱਈਆ ਕਰਵਾਉਣ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਬਰਸਾਤਾਂ ਦੌਰਾਨ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਸਮੇਤ ਕੂੜੇ ਦੇ ਨਿਪਟਾਰੇ ਲਈ ਵੀ ਹਦਾਇਤਾਂ ਕੀਤੀਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੰਨੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਕੁੰਦਨ ਗੋਗੀਆ, ਯੂਥ ਪ੍ਰਧਾਨ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਸ਼ੀਲ ਮਿੱਢਾ, ਰਾਜਬੀਰ ਸਿੰਘ ਤੇ ਜਸਵਿੰਦਰ ਰਿੰਪਾ, ਵਪਾਰ ਮੰਡਲ ਪ੍ਰਧਾਨ ਜੀ.ਐਸ. ਉਬਰਾਏ, ਪ੍ਰੀਤੀ, ਜਗਤਾਰ ਸਿੰਘ ਤਾਰੀ, ਪ੍ਰਭਜੋਤ ਸਿੰਘ ਅਨੰਦ, ਜਸਦੇਵ ਸਿੰਘ ਜੱਸਾ ਪ੍ਰਧਾਨ ਟਰੱਕ ਯੂਨੀਅਨ, ਐਡਵੋਕੇਟ ਪ੍ਰਭਜੀਤਪਾਲ ਸਿੰਘ, ਬਲਵਿੰਦਰ ਸੈਣੀ, ਜਸਬੀਰ ਗਾਂਧੀ ਸਮੇਤ ਵੱਡੀ ਗਿਣਤੀ ਆਗੂ ਤੇ ਵਲੰਟੀਅਰ ਮੌਜੂਦ ਸਨ।

LEAVE A REPLY

Please enter your comment!
Please enter your name here