ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ’ਚ ਵੱਖ-ਵੱਖ ਸੇਵਾਵਾਂ ਤੇ ਫੀਸ ਸਬੰਧੀ ਵੇਰਵੇ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਜਲੰਧਰ, (ਦ ਸਟੈਲਰ ਨਿਊਜ਼): ਲੋਕਾਂ ਨੂੰ ਨਿਰਵਿਘਨ ਤੇ ਸਮਾਂਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਦਾ ਨਿਰੀਖਣ ਕਰਦਿਆਂ ਉਥੋਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 35 ਸੇਵਾ ਕੇਂਦਰਾਂ ਰਾਹੀਂ 320 ਆਨਲਾਈਨ ਅਤੇ 105 ਆਫਲਾਈਨ ਸੇਵਾਵਾਂ ਸਮੇਤ 425 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਪਾਸਪੋਰਟ ਅਪਲਾਈ ਕਰਨ ਸਮੇਤ ਖੇਤੀਬਾੜੀ ਵਿਭਾਗ ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰਨ ਲਈ ਨਾਗਰਿਕ https://esewa.punjab.gov.in/ ’ਤੇ ਆਨਲਾਈਨ ਸਲਾਟ ਵੀ ਬੁੱਕ ਕਰਵਾ ਸਕਦੇ ਹਨ।

Advertisements

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਲਈ ਜਾਂਦੀ ਸੇਵਾ ਫੀਸ ਸਬੰਧੀ ਵੇਰਵੇ ਢੁੱਕਵੀਂ ਥਾਂ ’ਤੇ ਪ੍ਰਦਰਸ਼ਿਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮਿਲ ਸਕੇ। ਆਪ੍ਰੇਟਰਾਂ ਨੂੰ ਫਾਰਮ ਚੈੱਕ ਕਰਕੇ ਜਮ੍ਹਾ ਕਰਨ ਦੀ ਤਾਕੀਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਬਿਨੈਕਾਰ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਤਰੁੱਟੀ ਦੀ ਗੁੰਜਾਇਸ਼ ਵੀ ਬਹੁਤ ਘੱਟ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਡਲਿਵਰੀ ਕਾਊਂਟਰਾਂ ਦਾ ਦੌਰਾ ਕਰਦਿਆਂ ਟੋਕਨ ਨੰਬਰ ਜਾਰੀ ਕਰਨ ਤੋਂ ਲੈ ਕੇ ਸੇਵਾਵਾਂ ਪ੍ਰਦਾਨ ਕਰਨ ਤੱਕ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਜਲਦੀ ਤੋਂ ਜਲਦੀ ਸੇਵਾਵਾਂ ਪ੍ਰਦਾਨ ਕਰਨਾ ਲਾਜ਼ਮੀ ਤੌਰ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਤੇ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸੇਵਾ ਕੇਂਦਰ ਵਿੱਚ ਮੌਜੂਦ ਲੋਕਾਂ ਦੀ ਪ੍ਰਤੀਕਿਰਿਆ ਜਾਨਣ ਲਈ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

LEAVE A REPLY

Please enter your comment!
Please enter your name here