ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਕੀਤਾ ਦੌਰਾ

ਫਿਰੋਜ਼ੁਪਰ ( ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ (ਸੁਤੰਰਤਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ) ਫੌਜਾ ਸਿੰਘ ਸਰਾਰੀ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਇਨ੍ਹਾਂ ਪਿੰਡਾਂ ਵਿਚ ਮੀਂਹ ਕਰ ਕੇ ਪੁੱਲ ਟੁੱਟਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ ਉਥੇ ਨਾਲ ਹੀ ਕਿਸਾਨਾਂ ਦੀ ਹਰ ਸੰਭਵ ਮੱਦਦ ਲਈ ਉਨ੍ਹਾਂ ਨੂੰ ਭਰੋਸਾ ਦਵਾਇਆ।

Advertisements

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਪ੍ਰਸ਼ਾਸਨ ਨੂੰ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਪੁੱਲ ਟੁੱਟਿਆ ਹੈ ਉਸਦਾ ਐਸਟੀਮੈਟ ਤਿਆਰ ਕਰਨ ਲਈ ਕਿਹਾ ਦਿੱਤਾ ਗਿਆ ਹੈ ਅਤੇ ਉਸ ਨੂੰ ਬਣਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਆਉਣ ਵਾਲੇ ਸਮੇਂ ਵਿਚ ਬਰਸਾਤੀ ਪਾਣੀ ਕਰ ਕੇ ਫਸਲਾਂ ਦਾ ਨੁਕਸਾਨ ਨਾ ਹੋਏ ਅਤੇ ਪਾਣੀ ਦੀ ਨਿਕਾਸੀ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਡਰੇਨਾਂ, ਨਦੀਆਂ, ਨਾਲੇ ਆਦਿ ਦੀ ਸਫਾਈ ਦੀ ਲੋੜ ਹੈ ਉਹ ਵੀ ਕਰਵਾਈ ਜਾਵੇਗੀ ਅਤੇ ਸੇਮ ਨਾਲਾ ਵੀ ਬਣਵਾ ਦਿੱਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹਲ ਉਨ੍ਹਾਂ ਦੀ ਸਲਾਹ ਨਾਲ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇਹੀ ਸੋਚ ਹੈ ਕਿ ਸੂਬੇ ਵਿਚ ਰਹਿੰਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣ ਅਤੇ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਭਰੋਸਾ ਦੇ ਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ ਇਸ ਲਈ ਸਰਕਾਰ ਵੱਲੋਂ ਵੀ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿਚ ਵੀ ਜਿਥੇ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਦੀ ਲੋੜ ਹੈ ਆਉਣ ਵਾਲੇ ਸਮੇਂ ਵਿਚ ਸਭ ਪੂਰੀਆਂ ਕੀਤੀਆਂ ਜਾਣਗੀਆਂ,ਇਸ ਮੌਕੇ ਏਡੀਸੀ ਜਨਰਲ ਸਾਗਰ ਸੇਤੀਆ, ਐਸਡੀਐਮ ਗੁਰੂਹਰਸਹਾਏ  ਪ੍ਰੀਤਇੰਦਰ ਸਿੰਘ, ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ, ਪੰਚਾਇਤ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here