ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਤਹਿਤ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਓਤਸਵ ਤਹਿਤ ਜ਼ਿਲ੍ਹਾ ਭਰ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਆਂਗਨਵਾੜੀ ਸੈਂਟਰਾਂ ਅਤੇ ਵੱਖ ਵੱਖ ਬਲਾਕਾਂ ਵਿਚ ਜਾ ਕੇ ਅਨੀਮੀਆ ਦੇ ਲੱਛਣਾਂ, ਅਨੀਮੀਆ ਤੋਂ ਬਚਾਓ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਔਰਤਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਅਨੀਮੀਆ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਦੌਰਾਨ ਦੱਸਿਆ ਜਾਂਦਾ ਹੈ ਕਿ ਔਰਤਾਂ ਅਤੇ ਬੱਚਿਆਂ ਵਿੱਚ ਅਨੀਮੀਆ ਦਾ ਪਤਾ ਲਾਉਣ ਲਈ ਸਮੇਂ ਸਮੇਂ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ। ਸਰੀਰ ਵਿਚ ਖੂਨ ਦੀ ਕਮੀ ਦਾ ਪਤਾ ਲੱਗਣ ’ਤੇ ਤੁਰੰਤ ਡਾਕਟੀ ਸਹਾਇਤਾ ਲੈਣੀ ਚਾਹੀਦੀ ਹੈ ਅਤੇ ਡਾਕਟਰਾਂ ਵਲੋਂ ਦੱਸੀ ਜਾਣ ਵਾਲੀ ਦਵਾਈ ਦਾ ਸੇਵਨ ਕਰਨਾ ਚਾਹੀਦਾ ਹੈ। ਅਨੀਮੀਆ ਦਾ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਹੋਰ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਅਨੀਮੀਆ ਦੀ ਰੋਕਥਾਮ ਲਈ ਖ਼ੁਰਾਕ ਦਾ ਵੀ ਖਾਸ ਧਿਆਨ ਦੇਣਾ ਚਾਹੀਦਾ ਹੈ। ਰੋਜ਼ਾਨਾ ਖ਼ੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਲੋਹ ਤੱਤ ਭਰਪੂਰ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਆਂਗਨਵਾੜੀ ਵਰਕਰਾਂ ਵੱਲੋਂ ਚਾਰਟ ਅਤੇ ਬੈਨਰਾਂ ਰਾਹੀਂ ਜਿਥੇ ਲੋਕਾਂ ਨੂੰ ਅਨੀਮੀਆ ਬਾਰੇ ਜਾਗਰੂਕ ਕੀਤਾ ਗਿਆ ਉਥੇ ਹੀ ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਬਾਰੇ ਵੀ ਦੱਸਿਆ ਗਿਆ।

LEAVE A REPLY

Please enter your comment!
Please enter your name here