ਭ੍ਰਿਸ਼ਟਾਚਾਰ ਨੂੰ ਰੋਕਣ ਲਈ ਉੱਚ ਅਧਿਕਾਰੀਆਂ ਨਾਲ ਲੋਕਪਾਲ ਵੱਲੋਂ ਮੀਟਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼): ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ।  ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ  ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ ਵੱਡੇ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ ‘ਤੇ  15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ। 

Advertisements

ਇਹ ਫਲੈਕਸ ਬੋਰਡ  ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫਸਰ, ਤਹਿਸੀਲਾਂ, ਡੀ.ਡੀ.ਪੀ.ਓ., ਬੀ.ਡੀ.ਪੀ.ਓ., ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫਤਰਾਂ ਅਤੇ ਹੋਰ ਜਨਤਕ ਥਾਂਵਾਂ ਉੱਤੇ ਲਗਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ  ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਿਸ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫਤਰਾਂ ਅਤੇ  ਪਬਲਿਕ ਥਾਵਾਂ ‘ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਹਨਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ। ਇਸ ਤੋਂ ਇਲਾਵਾ  ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖਿਲਾਫ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ।  ਇਸ ਮਕਸਦ ਲਈ ਸਮੂਹ  ਦਫਤਰਾਂ ਅਤੇ ਜਨਤਕ ਥਾਂਵਾਂ ‘ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ ‘ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।

LEAVE A REPLY

Please enter your comment!
Please enter your name here