ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਤਾਇਨਾਤ ਏਐਸਆਈ ਦਲਜੀਤ ਕੁਮਾਰ ਗ੍ਰਿਫ਼ਤਾਰ 

ਚੰਡੀਗੜ੍ਹ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਰਿਸ਼ਵਤਖੋਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇੱਕ ਮਾਲ ਪਟਵਾਰੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਲਜੀਤ ਕੁਮਾਰ ਨੂੰ ਸ਼ਿਕਾਇਤਕਰਤਾ ਮੋਨਿਕਾ, ਵਾਸੀ ਹੁਸ਼ਿਆਰਪੁਰ ਤੋਂ 10,000 ਰੁਪਏ ਰਿਸ਼ਵਤ ਦੀ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫ੍ਰੀ ਨੰਬਰ ‘ਤੇ ਸੂਚਿਤ ਕੀਤਾ ਸੀ ਕਿ ਉਕਤ ਏ.ਐਸ.ਆਈ ਉਸਦੇ ਭਰਾ ਗੋਪੀ ਖਿਲਾਫ ਐਨ.ਡੀ.ਪੀ.ਐਸ. ਕਾਨੂੰਨ ਤਹਿਤ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਦਰਜ ਕੇਸਾਂ ਵਿੱਚ ਤਫ਼ਤੀਸ਼ੀ ਅਧਿਕਾਰੀ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ ਨੇ 29.05.2021 ਨੂੰ ਗੋਪੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਪੁਲਿਸ ਹਿਰਾਸਤ ਦੌਰਾਨ ਉਸਨੇ ਉਪਰੋਕਤ ਕੇਸਾਂ ਦੀ ਜਾਂਚ ਸਬੰਧੀ ਕਾਰਵਾਈ ਵਿੱਚ ਗੋਪੀ ਦਾ ਪੱਖ ਪੂਰਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

Advertisements

ਬੁਲਾਰੇ ਨੇ ਦੱਸਿਆ ਕਿ ਸਬੂਤਾਂ ਦੇ ਅਧਾਰ ਤੇ ਮਾਮਲੇ ਦੀ ਗਹਿਨ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ ਦੋਸ਼ੀ ਏ.ਐਸ.ਆਈ. ਦਿਲਜੀਤ ਕੁਮਾਰ ਦੇ ਖਿਲਾਫ ਵਿਜੀਲੈਂਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਨੰ. 12 ਮਿਤੀ 28.07.2022 ਨੂੰ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਭ੍ਰਿਸ਼ਟਾਚਾਰ ਦੇ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਕੋਟਕਪੂਰਾ ਤਹਿਸੀਲ ਵਿੱਚ ਤਾਇਨਾਤ ਮਾਲ ਪਟਵਾਰੀ ਨਿਰਭੈ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰਪਾਲ ਵਾਸੀ ਗੁਰੂ ਨਾਨਕ ਕਲੋਨੀ ਫਰੀਦਕੋਟ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਪਟਵਾਰੀ ਉਸ ਦੀ ਵਾਹੀਯੋਗ ਜ਼ਮੀਨ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 2000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਪਹਿਲਾਂ ਹੀ ਉਸ ਨੂੰ ਦੋ ਕਿਸ਼ਤਾਂ ਵਿੱਚ 1000 ਰੁਪਏ ਅਤੇ 700 ਰੁਪਏ ਰਿਸ਼ਵਤ ਦੇ ਚੁੱਕਾ ਹੈ। ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪੇਸ਼ ਰਿਕਾਰਡ ਦੀ ਡੂੰਘਾਈ ਨਾਲ ਪੜਤਾਲ ਕਰਨ ਤੋਂ ਬਾਅਦ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਬਿਓਰੋ ਨੇ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here