ਫੈਕਟਰੀ ਦੇ ਵਰਕਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਮੰਗ ਪੱਤਰ

ਜ਼ੀਰਾ/ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ ਵਿਰੁੱਧ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਧਰਨਾ ਲਾਇਆ ਹੋਇਆ ਹੈ, ਜਿਸ ਕਰ ਕੇ ਪਿਛਲੇ ਕਈ ਦਿਨਾਂ ਤੋਂ ਫੈਕਟਰੀ ਦਾ ਕੰਮ ਬੰਦ ਪਿਆ ਹੋਇਆ ਹੈ। ਫੈਕਟਰੀ ਦਾ ਕੰਮ ਬੰਦ ਹੋਣ ਕਾਰਨ ਅੰਦਰ ਲੱਗੇ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਫੈਕਟਰੀ ਦੇ ਕੰਮ ਨੂੰ ਸ਼ੁਰੂ ਕਰਵਾਉਣ ਲਈ ਫੈਕਟਰੀ ਦੇ ਵਰਕਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸਾਗਰ ਸੇਤੀਆ ਨੂੰ ਮੰਗ ਪੱਤਰ ਸੌਂਪਿਆ ਗਿਆ।

Advertisements

ਫੈਕਟਰੀ ਅੰਦਰ ਕੰਮ ਕਰਦੇ ਵਰਕਰਾਂ ਨੇ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਫੈਕਟਰੀ ਅੰਦਰ ਕੰਮ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦੀ ਰੋਜ਼ੀ ਰੋਟੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫੈਕਟਰੀ ਬੰਦ ਹੁੰਦੀ ਹੈ ਤਾਂ ਉਨ੍ਹਾਂ ਦੀ ਤਨਖਾਹ ਬੰਦ ਹੋ ਜਾਏਗੀ ਤੇ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਚੱਲਣਾ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਪਹਿਲਾਂ ਹੀ ਕੋਈ ਇੰਡਸਟਰੀ ਨਹੀਂ ਹੈ ਅਤੇ ਇਸ ਫੈਕਟਰੀ ਅੰਦਰ ਕਈ ਵਰਕਰ ਕੰਮ ਕਰਦੇ ਹਨ ਜਿਨ੍ਹਾਂ ਦਾ ਘਰ ਦਾ ਗੁਜ਼ਾਰਾ ਇਸ ਤੋਂ ਚੱਲ ਰਿਹਾ ਹੈ। ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਧਰਨਾ ਇੱਥੋਂ ਹਟਾ ਲੈਣ ਤਾਂ ਜੋ ਫੈਕਟਰੀ ਦਾ ਕੰਮ ਮੁੜ ਤੋਂ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਮਸਲਾ ਉਹ ਆਪਸੀ ਰਲ ਮਿਲ ਕੇ ਬੈਠ ਕੇ ਵੀ ਸੁਲਝਾ ਸਕਦੇ ਹਨ ਪਰ ਧਰਨਾ ਜੋ ਲਗਾਇਆ ਹੋਇਆ ਉਸ ਨਾਲ ਉਨ੍ਹਾਂ ਦੀ ਰੋਜ਼ੀ ਰੋਟੀ ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਫੈਕਟਰੀ ਅੱਗੇ ਬੈਠੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਧਰਨਾ ਖ਼ਤਮ ਕਰ ਦੇਣ ਤਾਂ ਜੋ ਉਹ ਮੁੜ ਤੋਂ ਫੈਕਟਰੀ ਅੰਦਰ ਕੰਮ ਕਰਕੇ ਆਪਣੀ ਰੋਜ਼ੀ ਰੋਟੀ ਚਲਾ ਸਕਣ।

ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜੋ ਵੀ ਮਸਲਾ ਹੈ ਇਹ ਪ੍ਰਸ਼ਾਸਨ ਦੇ ਧਿਆਨ ਚ ਹੈ ਤੇ ਪ੍ਰਸ਼ਾਸਨ ਵੱਲੋਂ ਉਸ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਆਰਡਰ ਪਾਸ ਕੀਤਾ ਗਿਆ ਹੈ ਕਿ ਕੋਈ ਵੀ ਧਰਨਕਾਰੀ ਫੈਕਟਰੀ ਏਰੀਏ ਦੇ 300 ਮੀਟਰ ਦਾਇਰੇ ਵਿਚ ਧਰਨਾ ਨਾ ਲਗਾਵੇ। ਜੇਕਰ ਫੈਕਟਰੀ ਨੂੰ ਲੈ ਕੇ ਕੋਈ ਰੋਸ਼ ਹੈ ਤਾਂ ਧਰਨਾਕਾਰੀ ਫੈਕਟਰੀ ਤੋਂ 300 ਮੀਟਰ ਦੂਰ ਸ਼ਾਂਤੀਪੂਰਵਕ ਧਰਨਾ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਨੂੰ ਫੈਕਟਰੀ ਤੋਂ 300  ਮੀਟਰ ਦੂਰ ਧਰਨਾ ਲਗਾਉਣ ਲਈ ਕਿਹਾ ਗਿਆ ਹੈ ਪਰ ਉਨ੍ਹਾਂ ਵੱਲੋਂ ਫਿਰ ਵੀ ਧਰਨਾ ਫੈਕਟਰੀ ਦੇ ਅੱਗੇ ਹੀ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here