ਗਊ ਸੇਵਾ ਕਮਿਸ਼ਨ ਨੇ ਨਾਭਾ ਨੇੜੇ ਮ੍ਰਿਤਕ ਮਿਲੇ ਗਊਵੰਸ਼ ਬਾਬਤ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ:ਸਚਿਨ ਸ਼ਰਮਾ

ਪਟਿਆਲਾ(ਦ ਸਟੈਲਰ ਨਿਊਜ਼): ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਨੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੂੰ ਨਾਭਾ ਦੇ ਪਿੰਡ ਭਾਗੋਮਾਜਰਾ ਨੇੜੇ ਬੀਤੇ ਦਿਨ ਗਊਵੰਸ਼ ਦੇ ਮਿਲੇ 11 ਮ੍ਰਿਤਕ ਸਰੀਰਾਂ ਬਾਬਤ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਗਊ ਤਸਕਰਾਂ ਦੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਉਂਜੋ ਅਜਿਹੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ‘ਚ ਲੱਗੇ ਲੋਕਾਂ ਕਰਕੇ ਸਮਾਜ ‘ਚ ਅਮਨ-ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਪੈਦਾ ਹੋ ਜਾਂਦਾ ਹੈ। ਚੇਅਰਮੈਨ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਹੈ, ਇਸੇ ਲਈ ਉਨ੍ਹਾਂ ਨੇ ਅੱਜ ਐਸ.ਐਸ.ਪੀ ਦੀਪਕ ਪਾਰੀਕ ਨਾਲ ਵੀ ਗੱਲ ਕਰਕੇ ਪੁਲਿਸ ਵੱਲੋਂ ਇਸ ਮਾਮਲੇ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹੱਲ ਕਰ ਲਏ ਜਾਣ ਲਈ ਜ਼ਿਲ੍ਹਾ ਪੁਲਿਸ ਦੀ ਸ਼ਲਾਘਾ ਵੀ ਕੀਤੀ ਹੈ।
ਚੇਅਰਮੈਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਗਊਵੰਸ਼ ਵਿੱਚੋਂ ਕੁਝ ਇੱਕ ਦੇ ਕੰਨਾਂ ‘ਤੇ ਟੈਗ ਵੀ ਲੱਗੇ ਹੋਏ ਸਨ, ਜਿਸ ਨਾਲ ਇਨ੍ਹਾਂ ਬਾਰੇ ਪਤਾ ਲੱਗਦਾ ਹੈ ਕਿ ਇਹ ਕਿਸੇ ਗਊਸ਼ਾਲਾ ਦੇ ਹੋ ਸਕਦੇ ਹਨ ਅਤੇ ਇਹ ਉਸ ਗਊਸ਼ਾਲਾ ਦੇ ਲੋਕਾਂ ਦੀ ਲਾਪਰਵਾਹੀ ਦਾ ਨਤੀਜਾ ਵੀ ਹੋ ਸਕਦਾ ਹੈ। ਸਚਿਨ ਸ਼ਰਮਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਚਰਨ ਸਿੰਘ ਵਲੋਂ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਕਿ ਗਊਵੰਸ਼ ਦੀ ਮੌਤ ਦੇ ਮੈਡੀਕਲ ਕਾਰਨਾਂ ਬਾਰੇ ਆਪਣੀ ਰਿਪੋਰਟ ਪੇਸ਼ ਕਰੇਗੀ, ਜਿਸ ਨਾਲ ਪੁਲਿਸ ਨੂੰ ਅਗਲੀ ਕਾਰਵਾਈ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਸਾਰੇ ਬਲਦਾਂ ਨੂੰ ਰੀਤੀ-ਰਿਵਾਜਾਂ ਅਨੁਸਾਰ ਦਫ਼ਨਾਇਆ ਗਿਆ।

Advertisements

LEAVE A REPLY

Please enter your comment!
Please enter your name here