ਵਿੱਢੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਸੌਂਪੇ ਜਾਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਰਿਵਿਊ ਮੀਟਿੰਗ ਦੌਰਾਨ ਵਿਭਾਗਾਂ ਦੇ ਮੁੱਖੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ, ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਸ ਦਾ ਫਾਇਦਾ ਪਹੁੰਚ ਸਕੇ।

Advertisements

ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ ਦੀ ਕੀਤੀ ਰਿਵਿਊ ਮੀਟਿੰਗ, ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ ਵੱਖ-ਵੱਖ ਯੋਜਨਾਵਾਂ

ਸਵੱਛ ਭਾਰਤ ਮਿਸ਼ਨ ਦਾ ਜਾਇਜ਼ਾ ਲੈਂਦਿਆਂ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਾਰਜਸਾਧਕ ਅਫ਼ਸਰ ਗੰਭੀਰਤਾ ਨਾਲ ਗਤੀਵਿਧੀਆਂ ਕਰਨ। ਉਨ੍ਹਾਂ ਕਿਹਾ ਕਿ ਜਿਥੇ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਨ ਦੌਰਾਨ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ, ਉਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਆਪਣੇ ਪੱਧਰ ’ਤੇ ਵਪਾਰਕ ਮੰਡਲਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮੈਰਿਜ਼ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਅਤੇ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨ ਲਈ ਪਹਿਲਕਦਮੀ ਕੀਤੀ ਜਾਵੇ, ਤਾਂ ਜੋ ਹਰੇਕ ਵਿਅਕਤੀ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਜਨਨੀ ਸੁਰੱਖਿਆ ਯੋਜਨਾ, ਜਲ ਸਪਲਾਈ ਮਿਸ਼ਨ, ਕਿਸਾਨ ਸਨਮਾਨ ਨਿਧੀ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ. ਵੀ.ਵਾਈ., ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੀਰਜ ਕੁਮਾਰ, ਵਣ ਮੰਡਲ ਅਫ਼ਸਰ ਅਮਨੀਤ ਸਿੰਘ ਸਮੇਤ ਵਿਭਾਗਾਂ ਦੇ ਮੁਖੀ ਅਤੇ ਸਮੂਹ ਬੀ.ਡੀ.ਪੀ.ਓਜ਼, ਈ.ਓਜ਼ ਅਤੇ ਐਕਸੀਅਨ ਹਾਜ਼ਰ ਸਨ।

LEAVE A REPLY

Please enter your comment!
Please enter your name here