ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਉਹ ਸਿੰਗਲ ਯੂਜ਼ ਪਲਾਸਟਿਕ ਸਬੰਧੀ 5 ਅਗਸਤ ਨੂੰ ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਾਤਾਵਰਣ ਲਈ ਕਾਫ਼ੀ ਨੁਕਸਾਨਦੇਹ ਹੈ ਅਤੇ ਇਸ ਨਾਲ ਜਿਥੇ ਗੰਭੀਰ ਬੀਮਾਰੀਆਂ ਪੈਦਾ ਹੁੰਦੀਆਂ ਹਨ, ਉਥੇ ਜਾਨਵਰਾਂ ਲਈ ਵੀ ਕਾਫ਼ੀ ਘਾਤਕ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਾਰੇ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਦਫ਼ਤਰਾਂ ਵਿਚ ਇਸ ਦੀ ਵਰਤੋਂ ਬੰਦ ਕਰਨ ਤੋਂ ਇਲਾਵਾ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਉਣੀ ਚਾਹੀਦੀ ਹੈ, ਤਾਂ ਜੋ ਸਾਂਝੇ ਹੰਭਲੇ ਨਾਲ ਇਸ ਦੀ ਵਰਤੋਂ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਸਬੰਧੀ ਪੰਜਾਬ ਸਰਕਾਰ ਵਲੋਂ 5 ਅਗਸਤ ਤੋਂ ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।  
ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਸਬੰਧੀ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁੱਖੀ ਸਮਾਗਮ ਵਿਚ ਸ਼ਿਰਕਤ ਕਰਨੀ ਯਕੀਨੀ ਬਣਾਉਣ। ਸਿੰਗਲ ਯੂਜ਼ ਪਲਾਸਟਿਕ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ ਵਿਚ ਆਉਣ ਵਾਲੇ ਇਸ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ 1 ਜੁਲਾਈ ਤੋਂ ਲਗਾਈ ਜਾ ਚੁੱਕੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ।

Advertisements

LEAVE A REPLY

Please enter your comment!
Please enter your name here