ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਸਮਾਗਮ

ਪਟਿਆਲਾ( ਦ ਸਟੈਲਰ ਨਿਊਜ਼): ਸਮਾਜਿਕ ਨਿਆਂ ਅਤੇ ਅਧਿਕਾਰਤਾ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ‘ਚ ਸ੍ਰੀ ਅਰਬਿੰਦੋ ਇੰਟਰਨੈਸ਼ਨਲ ਸਕੂਲ ਵਿਖੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਜਿਸ ‘ਚ ਸਕੂਲ ਦੇ 136 ਵਿਦਿਆਰਥੀਆਂ ਨੇ ਭਾਗ ਲਿਆ।
  ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਕਿ ਨਸ਼ੇ ਦੀ ਅਲਾਮਤ ਤੋਂ ਨੌਜਵਾਨ ਪੀੜੀ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਚੰਗੀ ਸਿੱਖਿਆ ਬੱਚਿਆਂ ਨੂੰ ਜ਼ਿੰਦਗੀ ਵਿਚ ਕਦੇ ਵੀ ਕੁਰਾਹੇ ਨਹੀਂ ਪੈਣ ਦਿੰਦੀ, ਪਰ ਚੰਗੇ ਵਿਦਿਆਰਥੀ ਸੁਚੇਤ ਹੋਕੇ ਹੋਰਨਾਂ ਲੋਕਾਂ ਨੂੰ ਵੀ ਕੁਰਾਹੇ ਪੈਣ ਤੋਂ ਰੋਕ ਸਕਦੇ ਹਨ।   ਜਾਗਰੂਕਤਾ ਲੈਕਚਰ ਦੌਰਾਨ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਹੋਣ ਅਤੇ ਨਸ਼ਿਆਂ ਤੋਂ ਬਚਾਅ ਸਮੇਤ ਚੰਗੀ ਸੰਗਤ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਸਭ ਤੋਂ ਅਹਿਮ ਦੌਰ ਹੁੰਦਾ ਹੈ, ਜਿਥੋਂ ਗ੍ਰਹਿਣ ਕੀਤੀ ਗਈ ਸਿੱਖਿਆ ਵਿਅਕਤੀ ਦੀ ਸਾਰੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ‘ਚ ਲਏ ਸਹੀ ਫੈਸਲੇ ਵਿਅਕਤੀ ਨੂੰ ਕਾਮਯਾਬ ਬਣਾਉਂਦੇ ਹਨ ਤੇ ਅਣਜਾਣੇ ‘ਚ ਹੋਈਆਂ ਗਲਤੀਆਂ ਵੀ ਭਵਿੱਖ ‘ਚ ਹੋਰ ਸੁਧਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ।  ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ‘ਚ ਅੱਗੇ ਹੋਕੇ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਦੇ ਸਾਥ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੀਰਜਾ ਸੇਠੀ ਸਮੇਤ ਸਕੂਲ ਦੇ ਅਧਿਆਪਕ ਤੇ ਹੋਰ ਸਟਾਫ਼ ਵੀ ਮੌਜੂਦ ਰਿਹਾ।

Advertisements

LEAVE A REPLY

Please enter your comment!
Please enter your name here