ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ 5 ਤੋਂ ਸੂਬਾ ਪੱਧਰ ’ਤੇ ਵਿੱਢੀ ਜਾ ਰਹੀ ਹੈ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਸੂਬਾ ਪੱਧਰ ’ਤੇ 5 ਅਗਸਤ ਨੂੰ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਦਾ ਉਦੇਸ਼ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਨੂੰ ਬੰਦ ਕਰਨ ਲਈ ਜਾਗਰੂਕਤਾ ਫੈਲਾਉਣਾ ਹੈ। ਹੁਸ਼ਿਆਰਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ ਅਤੇ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੌਂਪੀ ਗਈ ਡਿਊਟੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਐਨ.ਜੀ.ਓਜ਼, ਵਪਾਰ ਮੰਡਲਾਂ ਦੇ ਨੁਮਾਇੰਦੇ, ਵਿਭਾਗਾਂ ਦੇ ਮੁਖੀ ਅਤੇ ਹੋਰ ਅਹਿਮ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣ ਰਹੀਆਂ ਹਨ।

Advertisements

ਸੰਦੀਪ ਹੰਸ ਨੇ ਸਿੰਗਲ ਯੂਜ਼ ਪਲਾਸਟਿਕ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ ਵਿਚ ਆਉਣ ਵਾਲੇ ਇਸ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ 1 ਜੁਲਾਈ ਤੋਂ ਲਗਾਈ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼ਿਵ ਕੁਮਾਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜਨਰਲ ਮੈਨੇਜਰ ਇੰਡਸਟਰੀਜ਼ ਅਰੁਣ ਕੁਮਾਰ, ਐਸ.ਡੀ.ਓ. ਜਤਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here