ਇਕਹਰੀ ਵਰਤੋਂ ਵਾਲੇ ਪਲਾਸਟਿਕ ਤੇ ਪਾਬੰਦੀ, ਜਾਗਰੂਕਤਾ ਸਮਾਗਮ 5 ਅਗਸਤ ਨੂੰ : ਡਿਪਟੀ ਕਮਿਸ਼ਨਰ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੌਜੀ ਅਤੇ ਵਾਤਾਵਰਨ ਵਿਭਾਗ ਵੱਲੋਂ 5 ਅਗਸਤ ਨੂੰ ਰਾਜ ਭਰ ਵਿਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਦਿੱਤੀ। ਜ਼ਿਲ੍ਹਾ ਵਾਸੀਆਂ ਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਕਹਰੀ ਵਰਤੋਂ ਵਾਲਾ ਪਲਾਸਟਿਕ ਸਾਡੇ ਚੌਗਿਰਦੇ ਲਈ ਵੱਡਾ ਖਤਰਾ ਹੈ ਅਤੇ ਇਸ ਨਾਲ ਹੋਣ ਵਾਲਾ ਪ੍ਰਦੂਸ਼ਣ ਕਈ ਸਦੀਆਂ ਤੱਕ ਸਾਡੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਗਰੂਕਤਾ ਸਮਾਗਮਾਂ ਰਾਹੀਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਬਜਾਰ ਵਿਚ ਖਰੀਦਦਾਰੀ ਕਰਨ ਲਈ ਜਾਣ ਸਮੇਂ ਘਰ ਤੋਂ ਕਪੜੇ ਦਾ ਥੈਲਾ ਨਾਲ ਲੈ ਕੇ ਜਾਣ ਦੀ ਆਦਤ ਸਾਨੂੰ ਸਭ ਨੂੰ ਪਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 5 ਅਗਸਤ (ਅੱਜ) ਜੈਨੇਸਿਸ ਇੰਸਟੀਚਿਊਟਆਫ ਡੈਂਟਲ ਸਾਇੰਸਜ਼ ਐਂਡ ਰਿਸਰਚ, ਫਿਰੋਜ਼ਪੁਰ-ਮੋਗਾ ਰੋਡ, ਫਿਰੋਜ਼ਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲੇ ਲੋਕਾਂ ਤੇ ਚਲਾਨ/ਜ਼ੁਰਮਾਨਾ ਲਗਾਇਆ ਜਾ ਰਿਹਾ ਹੈ। ਪੰਜਾਬ ਰਾਜ ਪ੍ਰਦੁਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਇਕਹਰੀ ਵਰਤੋਂ ਵਾਲੀਆਂ ਪਲਾਸਟਿਕ ਦੀਆਂ ਨਿਮਨ ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ਤੇ 1 ਜ਼ੁਲਾਈ 2022 ਤੋੱ ਪਾਬੰਦੀ ਲਾਗੂ ਹੈ: ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿਰਰ। ਉਨ੍ਹਾਂ ਨੇ ਲੋਕਾਂ ਨੂੰ ਇੰਨ੍ਹਾਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਹੈ।

Advertisements

LEAVE A REPLY

Please enter your comment!
Please enter your name here