
ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਇਕਹਰੀ ਵਰਤੋਂ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਦੀ ਪ੍ਰਧਾਨਗੀ ਹੇਠ ਜੈਨਸਿਸ ਡੈਂਟਲ ਕਾਲਜ ਮੋਗਾ ਰੋਡ, ਫਿਰੋਜ਼ਪੁਰ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੌਕੇ ਘਾਤਕ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਜ਼ੀਰਾ ਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ, ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਦੀ ਪੁੱਤਰੀ ਸਿਮਰਨਜੀਤ ਕੌਰ ਹਾਜ਼ਰ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਾਫ ਸੁਥਰਾ ਵਾਤਾਵਰਨ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇਕ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਅਤੇ ਇਹ ਸੁਨੇਹਾ ਜਦ ਘਰ ਘਰ ਜਾਵੇਗਾ ਤਾਂ ਪਲਾਸਟਿਕ ਖਿਲਾਫ ਲੜਾਈ ਵਿਚ ਸਾਡੀ ਜਿੱਤ ਲਾਜਮੀ ਹੋਵੇਗੀ। ਉਨ੍ਹਾਂ ਨੇ ਸਭ ਨੂੰ ਇਸ ਪਵਿੱਤਰ ਕਾਰਜ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆਂ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ ਨੇ ਆਪਣੇ ਸੰਬੋਧਨ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਘਰ-ਘਰ ਇਹ ਸੁਨੇਹਾ ਪਹੁੰਚਾਉਣ ਲਈ ਹਾਜ਼ਰੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲੀ ਬੱਚਿਆਂ ਨੂੰ ਕਿਹਾ। ਉਨ੍ਹਾਂ ਕਿਹਾ ਕਿ ਇਸ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਜ ਤੋਂ ਹੀ ਅਮਲ ਕਰਨਾ ਚਾਹੀਦਾ ਹੈ ਅਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਵੀ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪਲਾਸਟਿਕ ਕੁਦਰਤੀ ਤੌਰ ਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ ਤੇ ਪ੍ਰਦੁਸ਼ਨ ਦਾ ਕਾਰਨ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖਤਾ ਲਈ ਸਾਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਹੀ ਪੈਣੀ ਹੈ। ਇਸ ਤੋਂ ਪਹਿਲਾਂ ਪੰਜਾਬ ਰਾਜ ਪ੍ਰਦੁਸ਼ਨ ਕੰਟਰੋਲ ਬੋਰਡ ਦੇ ਐਸਡੀਓ ਸ੍ਰੀ ਅਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇਕਹਰੀ ਵਰਤੋਂ ਵਾਲੀਆਂ ਪਲਾਸਟਿਕ ਦੀਆਂ ਨਿਮਨ ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ਤੇ 1 ਜ਼ੁਲਾਈ 2022 ਤੋੱ ਪਾਬੰਦੀ ਲਾਗੂ ਹੈ: ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿਰਰ।
ਇਸ ਮੌਕੇ ਨਗਰ ਕੌਂਸਲ ਫਿਰੋਜ਼ਪੁਰ ਤੋਂ ਸ੍ਰੀ ਸੁਖਪਾਲ ਸਿੰਘ ਨੇ ਪਲਾਸਟਿਕ ਦੀ ਥਾਂ ਵਰਤੀਆਂ ਜਾਣ ਵਾਲੀਆਂ ਵਸਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਦੁਵਾਰਾ ਵਰਤੋਂ ਵਿਚ ਆਊਣ ਵਾਲੀਆਂ ਵਸਤਾਂ ਦੀ ਵਰਤੋਂ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਮੌਕੇ ਨਗਰ ਕੌਂਸਲ ਦੇ ਦੋ ਕਰਮਚਾਰੀ ਜੋ ਕਿ ਦਿਵਿਆਂਗ ਹਨ ਉਨ੍ਹਾਂ ਵੱਲੋਂ ਪੇਪਰ ਦੇ ਲਿਫਾਫੇ ਬਣਾ ਕੇ ਬਜ਼ਾਰ ਵਿੱਚ ਦੁਕਾਨਾਂ ਤੇ ਦੇਣ ਕਾਰਨ ਉਨ੍ਹਾਂ ਨੂੰ ਕੈਬਨਿਟ ਮੰਤਰੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਪਲਾਸਿਟਕ ਦੀ ਵਰਤੋਂ ਨਾ ਕਰਨ ਅਤੇ ਇਸ ਦੇ ਬੂਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਵਿਤਾ ਪੇਸ਼ ਕੀਤੀ ਗਈ ਅਤੇ ਪਲਾਸਿਟਕ ਦੇ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਾਜਰੀਨ ਨੂੰ ਜ਼ੂਟ ਦੇ ਥੈਲੇ ਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ। ਸਮਾਗਮ ਦੇ ਅੰਤ ਵਿੱਚ ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।











