ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਹਤ ਵਿਭਾਗ ਵਲੋਂ ਜਿਥੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਡੇਂਗੂ ਦਾ ਲਾਰਵਾ ਵੀ ਚੈਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਵਿਭਾਗ ਵਲੋਂ 32506 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚ 3432 ਘਰਾਂ ਵਿਚੋਂ ਡੇਂਗੂ ਦਾ ਲਾਰਵਾ ਸਾਹਮਣੇ ਆਇਆ ਹੈ। ਲਾਰਵਾ ਸਾਹਮਣੇ ਆਉਣ ’ਤੇ ਜਿਥੇ ਸਬੰਧਤ ਪਰਿਵਾਰਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਉਥੇ ਇਸ ਡੇਂਗੂ ਦੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਡੇਂਗੂ ਅਤੇ ਮਲੇਰੀਏ ਵਰਗੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਸਿਹਤ ਵਿਭਾਗ ਦੀਆਂ 10 ਟੀਮਾਂ ਅਤੇ ਪੇਂਡੂ ਖੇਤਰਾਂ ਵਿਚ ਸਮੂਹ ਮੇਲ ਵਰਕਰਾਂ ਵਲੋਂ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੇ ਸਰਵੇ ਦੌਰਾਨ ਲਾਰਵਾ ਸਾਹਮਣੇ ਆਉਣ ’ਤੇ ਨਗਰ ਨਿਗਮ ਵਲੋਂ ਸਬੰਧਤ ਘਰਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੀ ਜਾਂਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਸੀ.ਐਚ.ਸੀ. ਭੂੰਗਾ ਵਿਖੇ ਮੁਫ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮਲੇਰੀਆ ਦੀ ਜਾਂਚ ਸਾਰੀਆਂ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਏ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੇ ਹੋਰ ਵੈਕਟਰ ਬੌਰਨ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਦੇ ਨਾਲ-ਨਾਲ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਵਿਚ ਇਕ ਦਿਨ ਜ਼ਰੂਰੀ ਸਾਫ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਛੱਪੜਾਂ ਅਤੇ ਖੜ੍ਹੇ ਪਾਣੀ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਨੂੰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।