ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀਪੀਐਸ ਸਿਸਟਮ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨਵਾਇਰਮੈਂਟ ਕਮੇਟੀ ਦੀ ਕੀਤੀ ਮੀਟਿੰਗ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਡੋਰ-ਟੂ-ਡੋਰ ਕੁਲੈਕਸ਼ਨ ਸੁਚਾਰੂ ਢੰਗ ਨਾਲ ਕੀਤੀ ਜਾਵੇ, ਉਥੇ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਸਿਸਟਮ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਸ਼੍ਰੀ ਹਰਬੰਸ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements


  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਇਸ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਚਲਾਨ ਕਰਨੇ ਵੀ ਯਕੀਨੀ ਬਣਾਏ ਜਾਣ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਕਰ ਰਹੇ ਸਿੰਗਲ ਯੂਜ਼ ਪਲਾਸਟਿਕ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕਾਰਜਸਾਧਕ ਅਫ਼ਸਰ ਆਪਣੇ ਏਰੀਏ ਨਾਲ ਸਬੰਧਤ ਵੱਖ-ਵੱਖ ਵਪਾਰ ਮੰਡਲਾਂ ਅਤੇ ਐਨ.ਜੀ.ਓਜ਼ ਆਦਿ ਨਾਲ ਮੀਟਿੰਗਾਂ ਵੀ ਕਰਨ, ਤਾਂ ਜੋ ਸਾਂਝੇ ਉਪਰਾਲਿਆਂ ਨਾਲ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖਰਾ-ਵੱਖਰਾ ਇਕੱਠਾ ਕਰਨ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਵੀ ਵੱਖਰਾ ਇਕੱਠਾ ਕਰਕੇ ਰੱਖਿਆ ਜਾਵੇ।


ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਮੀਟਿੰਗ ਦੌਰਾਨ ਉਨ੍ਹਾਂ ਜਿਥੇ ਕਾਰਜਸਾਧਕ ਅਫ਼ਸਰਾਂ ਨੂੰ ਡਰੇਨਾਂ ਅਤੇ ਨਾਲਿਆਂ ਨੇੜੇ ਸਫ਼ਾਈ ਬਰਕਰਾਰ ਰੱਖਣ ਦੀ ਹਦਾਇਤ ਕੀਤੀ, ਉਥੇ ਸੀਵਰੇਜ਼ ਟਰੀਟਮੈਂਟ ਪਲਾਂਟਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here