ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 4 ਅਕਤੂਬਰ ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here