ਕੈਬਨਿਟ ਮੰਤਰੀ ਜਿੰਪਾ ਨੇ ਦੋ ਫੋਗਿੰਗ ਆਟੋਬੇਸਡ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਲਈ ਨਗਰ ਨਿਗਮ ਅਤੇ ਸਿਹਤ ਵਿਭਾਗ ਵਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ, ਪਰੰਤੂ ਲੋਕਾਂ ਦਾ ਜਾਗਰੂਕ ਹੋਣਾ ਵੀ ਬੇਹੱਦ ਜਰੂਰੀ ਹੈ। ਉਹ ਅੱਜ ਸਵੇਰੇ ਨਗਰ ਨਿਗਮ ਵਲੋਂ ਖਰੀਦੀਆਂ ਗਈਆਂ ਆਟੋਬੇਸਡ ਦੋ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਤਿਵਾੜੀ ਵੀ ਮੌਜੂਦ ਸਨ।

Advertisements


ਵਾਰਡ ਨੰਬਰ 6 ਤੇ ਘੰਟਾ ਘਰ ਦੇ ਨਜਦੀਕ ਫੋਗਿੰਗ ਕਰਵਾਉਣ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ 13 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਇਨ੍ਹਾਂ ਮਸ਼ੀਨਾਂ ਰਾਹੀਂ ਸ਼ਹਿਰ ਵਿਚ ਫੋਗਿੰਗ ਮੁਹਿੰਮ ਵਿਚ ਤੇਜ਼ੀ ਆਵੇਗੀ ਅਤੇ ਵੱਧ ਤੋਂ ਵੱਧ ਇਲਾਕਿਆਂ ਨੂੰ ਕਵਰ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨਾ ਹੈ ਅਤੇ ਇਹੀ ਕਾਰਨ ਹੈ ਕਿ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਬੀ.ਡੀ.ਪੀ.ਓਜ਼ ਦੀ ਮਦਦ ਨਾਲ ਫੋਗਿੰਗ ਕਰਵਾਈ ਜਾਵੇਗੀ, ਤਾਂ ਜੋ ਸਾਰਿਆਂ ਨੂੰ ਡੇਂਗੂ ਅਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।


ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਫਾਈ ਵਿਵਸਥਾ ਦੇ ਮੱਦੇਨਜਰ ਨਗਰ ਨਿਗਮ ਨੂੰ ਹੋਰ ਆਧੁਨਿਕ ਸਾਜੋ-ਸਮਾਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਕਰਮਚਾਰੀਆਂ ਨੂੰ ਕੰਮ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਘਰਾਂ ਦੀ ਚੈਕਿੰਗ ਕਰਕੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਲਾਰਵੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਇਲਾਕੇ ਵਿਚ ਵੀ ਡੇਂਗੂ ਦੇ ਕੇਸ ਸਾਹਮਣੇ ਆਉਂਦੇ ਹਨ, ਉਸ ਇਲਾਕੇ ਵਿਚ ਲਗਾਤਾਰ ਫੋਗਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਆਪਣੇ ਘਰਾਂ ਦੇ ਨਾਲ ਆਸ-ਪਾਸ ਨੂੰ ਵੀ ਸਾਫ਼ ਰੱਖੋ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਓ। ਇਸ ਤੋਂ ਇਲਾਵਾ ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਾਏ ਜਾਣ ਅਤੇ ਸੋਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੰਬਣੀ ਨਾਲ ਤੇਜ਼ ਬੁਖਾਰ, ਤੇਜ ਸਿਰ ਦਰਦ ਜਾਂ ਜੋੜਾਂ ਵਿਚ ਦਰਦ ਆਦਿ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨਜਦੀਕ ਦੇ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ। ਇਸ ਮੌਕੇ ਕੌਂਸਲਰ ਜਸਪਾਲ ਸਿੰਘ ਚੇਚੀ, ਐਡਵੋਕੇਟ ਮਨਜੀਤ ਕੌਰ, ਅਨਮੋਲ ਜੈਨ, ਵਿਜੇ ਅਗਰਵਾਲ, ਅਜੀਤ ਸਿੰਘ ਲੱਕੀ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here