‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ’ਚ 1 ਸਤੰਬਰ ਤੋਂ ਸ਼ੁਰੂ ਹੋਣਗੇ ਖੇਡ ਮੁਕਾਬਲੇ: ਸੰਦੀਪ ਹੰਸ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ’ਚ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਤੇ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵਲੋਂ ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ’ਤੇ ਜਲੰਧਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀ ਬੁਰਾਈ ਤੋਂ ਬਚਾਇਆ ਜਾ ਸਕੇ।

Advertisements


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪੋਰਟਲ www.punjabkhedmela2022.in ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੇ ਜ਼ਿਲ੍ਹਾ ਪੱਧਰ ’ਤੇ ਖੇਡ ਮੁਕਾਬਲੇ ਹੋਣਗੇ, ਜਿਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਫਾਰਮ ਭਰਨ ਵਿਚ ਦਿੱਕਤ ਆਉਂਦਾ ਹੈ, ਤਾਂ ਉਹ ਖਿਡਾਰੀ ਆਪਣਾ ਆਧਾਰ ਕਾਰਡ ਲੈ ਕੇ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਚ ਸੰਪਰਕ ਕਰ ਸਕਦਾ ਹੈ, ਜਿਥੇ ਉਸ ਦਾ ਆਫਲਾਈਨ ਫਾਰਮ ਭਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21, 40, 41-50 ਤੇ 50 ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।


ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ 1 ਸਤੰਬਰ ਤੋਂ 3 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਤਲਵਾੜਾ ਵਿਚ ਭਵਨੌਰ ਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਪਲਾਹੜ, ਮੁਕੇਰੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਅਤੇ ਆਰਮੀ ਗਰਾਊਂਡ ਮੁਕੇਰੀਆਂ, ਟਾਂਡਾ ਵਿਚ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਟਾਂਡਾਂ, ਹੁਸ਼ਿਆਰਪੁਰ-2 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਅਤੇ ਗੜ੍ਹਸ਼ੰਕਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਚ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਦੂਜੇ ਪੜਾਅ ਵਿਚ 5 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਭੂੰਗਾ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਤੇ ਖਾਲਸਾ ਕਾਲਜ ਗੜ੍ਹਦੀਵਾਲਾ, ਹਾਜੀਪੁਰ ਵਿਚ ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਤੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਹਾਜੀਪਰ, ਦਸੂਹਾ ਵਿਚ ਆਰਮੀ ਗਰਾਊਂਡ ਦਸੂਹਾ, ਹੁਸ਼ਿਆਰਪੁਰ-1 ਵਿਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਮਾਹਿਲਪੁਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਦੋਵੇਂ ਪੜਾਵਾਂ ਵਿਚ ਅਥਲੈਟਿਕਸ, ਖੋ-ਖੋ, ਰੱਸਾ ਕੱਸ਼ੀ, ਕਬੱਡੀ, ਵਾਲੀਬਾਲ ਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸ ਤੋਂ ਬਾਅਦ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਤੇ ਬਾਅਦ ਵਿਚ ਸੂਬਾ ਪੱਧਰੀ ਮੁਕਾਬਲੇ ਹੋਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸ਼ਿਵ ਰਾਜ ਸਿੰਘ ਬੱਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here