ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦਾ ਜਾਇਜ਼ਾ, ਨਾਗਰਿਕਾਂ ਨੂੰ ਸੇਵਾਵਾਂ ਹੋਰ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੇ ਜਾਣ ਦੀਆਂ ਹਦਾਇਤਾਂ


ਪਟਿਆਲਾ ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀ-ਬਲਾਕ ਵਿਖੇ ਸਥਿਤ ਸੇਵਾ ਕੇਂਦਰ ਦਾ ਦੌਰਾ ਕਰਕੇ ਇਸ ਦੇ ਕੰਮ ਕਾਜ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਥੇ ਪ੍ਰਦਾਨ ਕੀਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਹੋਰ ਬਿਹਤਰ ਤੇ ਸੁਚਾਰੂ ਢੰਗ ਨਾਲ ਪ੍ਰਦਾਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਨੂੰ ਚਲਾ ਰਹੇ ਸਰਵਿਸ ਪ੍ਰੋਵਾਈਡਰ ਮੈਸਰਜ਼ ਡੀ.ਐਸ.ਐਸ.ਪੀ.ਐਲ. ਦੇ ਓਪਰੇਸ਼ਨਲ ਮੈਨੇਜਰ ਅਰਵਿੰਦ ਕੁਮਾਰ ਨੂੰ ਹਦਾਇਤ ਕਿ ਉਹ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕਰਵਾਉਣ ਲਈ ਇਸ ਸੇਵਾਂ ਕੇਂਦਰ ‘ਚ ਰੋਜ਼ਾਨਾ 1 ਘੰਟੇ ਲਈ ਬੈਠਣ ਅਤੇ ਪਲੈਨ ਆਫ਼ ਐਕਸ਼ਨ ਬਣਾਉਣ ਤਾਂ ਕਿ ਲੋਕਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਿਲ ਦਾ ਸਮਾਂਬੱਧ ਨਿਪਟਾਰਾ ਕੀਤਾ ਜਾ ਸਕੇ।

Advertisements


ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਾਊਂਟਰਾਂ ਦਾ ਜਾਇਜ਼ਾ ਲੈਂਦਿਆਂ ਇੱਥੇ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸੇਵਾ ਕੇਂਦਰ ਦੇ ਕੰਮ ਕਾਜ ਬਾਰੇ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਸੇਵਾ ਕੇਂਦਰ ਦੇ ਅਮਲੇ ਨੂੰ ਇੱਥੇ ਪੁੱਜਦੇ ਬਜ਼ੁਰਗਾਂ ਅਤੇ ਬੱਚਿਆਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਦੀ ਹਦਾਇਤ ਵੀ ਕੀਤੀ।
ਸਾਕਸ਼ੀ ਸਾਹਨੀ ਨੇ ਸੇਵਾ ਕੇਂਦਰ ਦੇ ਡੀ.ਐਮ. ਗੁਰਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ‘ਚ ਰਿਸ਼ੈਪਸ਼ਨ ਦੀ ਕਾਰਜਪ੍ਰਣਾਲੀ ‘ਚ ਸੁਧਾਰ ਲਿਆਂਦਾ ਜਾਵੇ ਅਤੇ ਜਿਸ ਕਾਊਂਟਰ ਉਤੇ ਵੱਧ ਭੀੜ ਹੈ, ਵਿਖੇ ਕੰਮ ਕਾਜ ਨੂੰ ਹੋਰ ਸੁਧਾਰਿਆ ਜਾਵੇ ਤੇ ਸੇਵਾਵਾਂ ਪ੍ਰਦਾਨ ਕਰਨ ‘ਚ ਤੇਜੀ ਲਿਆਂਦੀ ਜਾਵੇ।


ਡਿਪਟੀ ਕਮਿਸ਼ਨਰ ਨੇ ਈ-ਸਟੈਂਪ ਸਬੰਧੀ ਸੇਵਾ ‘ਚ ਵੀ ਸੁਧਾਰ ਕਰਨ ਲਈ ਸਬੰਧਤ ਵਿਭਾਗ ਨਾਲ ਮੌਕੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਫੀਡਬੈਕ ਮੁਤਾਬਕ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ‘ਚ ਹੋਰ ਸੁਧਾਰ ਕੀਤੇ ਜਾਣਗੇ। ਉਨ੍ਹਾਂ ਨਾਲ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਈ-ਗਵਰਨੈਂਸ ਦੇ ਜ਼ਿਲ੍ਹਾ ਕੋਆਰਡੀਨੇਟਰ ਰੌਬਿਨ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here