ਪਰਾਲੀ ਪ੍ਰਬੰਧਨ ਸਬੰਧੀ ਚਲਾਈ ਜਾਵੇ ਜਾਗਰੂਕਤਾ ਮੁਹਿੰਮ: ਡਿਪਟੀ ਕਮਿਸ਼ਨਰ

ਪਟਿਆਲਾ(ਦ ਸਟੈਲਰ ਨਿਊਜ਼)। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿਥੇ ਹਦਾਇਤਾਂ ਜਾਰੀ ਕੀਤੀਆਂ, ਉਥੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਤੇ ਮਾਨਵੀ ਹਿੱਤ ‘ਚ ਪਰਾਲੀ ਦਾ ਨਿਪਟਾਰਾ ਬਿਨਾਂ ਅੱਗ ਲਾਇਆਂ ਕਰਨ। ਉਨ੍ਹਾਂ ਨੇ ਖਾਸ ਤੌਰ ‘ਤੇ ਪੰਚਾਇਤੀ ਜ਼ਮੀਨਾਂ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ, ਪੰਚਾਂ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਕੇ ਦੂਸਰਿਆਂ ਲਈ ਮਿਸਾਲ ਬਣਨ ਲਈ ਵੀ ਆਖਿਆ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪਰਾਲੀ ਦੇ ਸਹੀ ਨਿਪਟਾਰੇ ਲਈ ਕਿਸਾਨਾਂ ਨੂੰ ਪਿੰਡ ਪੱਧਰ ‘ਤੇ ਜਾਗਰੂਕ ਕੀਤਾ ਜਾਵੇ ਤੇ ਵਿਭਾਗਾਂ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਅਜਿਹਾ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਕਿ ਮਸ਼ੀਨਰੀ ਦੀ ਸੀਜ਼ਨ ਦੌਰਾਨ ਵੱਧ ਤੋਂ ਵੱਧ ਵਰਤੋਂ ਹੋ ਸਕੇ। ਉਨ੍ਹਾਂ ਕਿਹਾ ਕਿ ਮਸ਼ੀਨਰੀ ਸਬੰਧੀ ਡਾਇਰੈਕਟਰੀ ਤਿਆਰ ਕੀਤੀ ਜਾਵੇ ਜਿਸ ‘ਚ ਮਸ਼ੀਨਰੀ ਦੇ ਮਾਲਕ ਦਾ ਨਾਮ ਤੇ ਫੋਨ ਨੰਬਰ ਵੀ ਦਰਜ ਹੋਵੇ ਤਾਂ ਜੋ ਕਿਸਾਨ ਆਸਾਨੀ ਨਾਲ ਸੰਪਰਕ ਕਰ ਸਕਣ। ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾਵਾਂ ਰਾਹੀਂ ਮਿਲਣ ਵਾਲੀ ਮਸ਼ੀਨਰੀ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਇਸ ਤਰ੍ਹਾਂ ਮਸ਼ੀਨਰੀ ਉਪਲਬਧ ਕਰਵਾਉਣ ਕੇ ਮਸ਼ੀਨਰੀ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਉਤਸ਼ਾਹ ਤੇ ਜੋਸ਼ ਨਾਲ ਕੰਮ ਕਰਨ ਲਈ ਕਿਹਾ।
ਸਾਕਸ਼ੀ ਸਾਹਨੀ ਨੇ ਐਸ.ਡੀ.ਐਮਜ਼ ਦੀ ਅਗਵਾਈ ‘ਚ ਬਣੀਆਂ ਟੀਮਾਂ ਨੂੰ ਪਿੰਡਾਂ ‘ਚ ਜਾਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵਾਢੀ ਸੀਜ਼ਨ ਦੌਰਾਨ ਵਾਢੀ ਕਰ ਰਹੀਆਂ ਕੰਬਾਇਨਾਂ ‘ਤੇ ਸੁਪਰ ਐਸ.ਐਮ.ਐਸ ਦੀ ਜਾਂਚ ਕਰਨ ਲਈ ਵੀ ਕਿਹਾ ਤਾਂ ਜੋ ਜ਼ਿਲ੍ਹੇ ‘ਚ ਬਿਨਾਂ ਐਸ.ਐਮ.ਐਸ. ਦੇ ਕੰਬਾਇਨਾਂ ਦੇ ਚੱਲਣ ਨੂੰ ਸਖਤੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਜਾਗਰੂਕਤਾ ਲਈ ਐਨ.ਜੀ.ਓਜ਼, ਕੈਂਪਾਂ ਦੌਰਾਨ ਅਗਾਂਹਵਧੂ ਕਿਸਾਨਾਂ ਦੇ ਲੈਕਚਰ, ਕੰਧ ਚਿੱਤਰ ਸਮੇਤ ਪ੍ਰਚਾਰ ਵੈਨਾਂ ਨੂੰ ਚਲਾਉਣ ਦੀ ਹਦਾਇਤਾਂ ਕਰਦਿਆ ਕਿਹਾ ਕਿ ਸਕੂਲਾਂ ‘ਚ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਹੋਰ ਸੁਚੇਤ ਕਰਨ ਲਈ ਲੇਖ ਲਿੱਖਣ ਮੁਕਾਬਲੇ, ਸਲੋਗਨ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ ਤਾਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਸਮਾਜ ਦੇ ਹਰੇਕ ਵਰਗ ਨੂੰ ਸੁਚੇਤ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪਿੰਡ ਪੱਧਰ, ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ‘ਤੇ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਕੰਧ ਚਿੱਤਰ ਵੀ ਬਣਾਏ ਜਾ ਰਹੇ ਹਨ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Advertisements

LEAVE A REPLY

Please enter your comment!
Please enter your name here