ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਪਰੋਟਸ ਸਟੇਡੀਅਮ ਵਿਖੇ ਏਡੀਸੀ ਨੇ ਕੀਤੀ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਪਰੋਟਸ ਸਟੇਡੀਅਮ ਗੁਰਦਾਸਪੁਰ ਵਿਖੇ ਅੱਜ ਪੂਰੇ ਜੋਸ਼ੋ-ਖਰੋਸ਼ ਨਾਲ ਬਲਾਕ ਪੱਧਰੀ ਖੇਡਾਂ ਦਾ ਅਗਾਜ਼ ਹੋ ਗਿਆ ਹੈ। ਗੁਰਦਾਸਪੁਰ ਬਲਾਕ ਦੀਆਂ ਖੇਡਾਂ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਮਨਦੀਪ ਕੌਰ ਅਤੇ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਗੁਰਦਾਸਪੁਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements

ਖੇਡਾਂ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਤੇ ਵਿਦਿਆਰਥਣਾਂ ਵੱਲੋਂ ਭੰਗੜੇ ਅਤੇ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੀ ਸਹੁੰ ਵੀ ਚੁੱਕੀ। ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਇਸਦੇ ਨਾਲ ਹੀ ਵੱਖ-ਵੱਖ ਉਮਰ ਵਰਗ ਵਿੱਚ ਫੁੱਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਨੇ ਕਿਹਾ ਕਿ ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ), ਸਪਰੋਟਸ ਸਟੇਡੀਅਮ ਗੁਰਦਾਸਪੁਰ ਵਿਖੇ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਅਤੇ ਰੱਸਾ-ਕਸੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 12 ਤੋਂ 22 ਸਤੰਬਰ ਤੱਕ ਇਸੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਗੀਆਂ ਅਤੇ ਇਹ ਖਿਡਾਰੀ ਅੱਗੇ ਜਾ ਕੇ ਆਪਣੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਖੇਡਾਂ ਦੇਖਣ ਆਏ ਦਰਸ਼ਕਾਂ ਨੇ ਵੀ ਖੇਡ ਮੁਕਾਬਲਿਆਂ ਦਾ ਖੂਬ ਅਨੰਦ ਮਾਣਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਅਤੇ ਦਰਸ਼ਕਾਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਗਏ ਸਨ।

LEAVE A REPLY

Please enter your comment!
Please enter your name here