ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਕੇ ਨੌਜਵਾਨੀ ਨੂੰ ਦਿੱਤੀ ਨਵੀਂ ਸੇਧ: ਗੁਰਲਾਲ ਘਨੌਰ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਲਈ 2 ਸਤੰਬਰ ਤੋਂ ਸ਼ੁਰੂ ਹੋ ਰਹੇ ਬਲਾਕ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਵਿਧਾਇਕ ਅਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਅਤੇ ਪੰਜਾਬ ‘ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਇਤਿਹਾਸਕ ਕਦਮ ਚੁੱਕਿਆ ਹੈ। ਗੁਰਲਾਲ ਘਨੌਰ ਨੇ ਅੱਜ ਇੱਥੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ‘ਚ ਜਿੱਥੇ ਖ਼ੁਦ ਲਾਜਮੀ ਹਿੱਸਾ ਲੈਣ ਉਥੇ ਹੀ ਆਪਣੇ ਬੱਚਿਆਂ ਨੂੰ ਵੀ ਇਨ੍ਹਾਂ ਖੇਡਾਂ ਦਾ ਹਿੱਸਾ ਬਣਨ ਲਈ ਅੱਗੇ ਲਿਆਉਣ ਤਾਂ ਕਿ ਉਹ ਦਿਮਾਗੀ ਅਤੇ ਸਰੀਰਕ ਸਿਹਤ ਪੱਖੋਂ ਤੰਦਰੁਸਤ ਰਹਿ ਸਕਣ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ‘ਚ ਆਪਣਾ ਯੋਗਦਾਨ ਪਾ ਸਕਣ।

Advertisements


ਇਸੇ ਦੌਰਾਨ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਵੀ ਇਨ੍ਹਾਂ ਖੇਡਾਂ ਨੂੰ ਇਤਿਹਾਸਕ ਖੇਡਾਂ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਤੰਦਰੁਸਤ ਪੰਜਾਬ ਬਣਾਉਣ ਲਈ ਚੁੱਕੇ ਗਏ ਕਦਮ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਨ ਦਾ ਜੋ ਉਪਰਾਲਾ ਕੀਤਾ ਹੈ, ਇਸ ਲਈ ਹਰ ਪੰਜਾਬੀ ਨੂੰ ਇਨ੍ਹਾਂ ਖੇਡਾਂ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਉਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ 2 ਸਤੰਬਰ ਤੋਂ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ, ਪਟਿਆਲਾ ਸ਼ਹਿਰੀ ਅਤੇ ਦਿਹਾਤੀ, ਨਾਭਾ ਅਤੇ ਭੁੱਨਰਹੇੜੀ ਵਿਖੇ ਸ਼ੁਰੂ ਹੋ ਰਹੀਆਂ ਖੇਡਾਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਹਨ। ਅਥਲੈਕਿਟਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਤੇ ਸਰਕਲ ਸਟਾਇਲ, ਰੱਸਾਕਸੀ ਅਤੇ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਚਾਰੇ ਬਲਾਕਾਂ ਅੰਦਰ 6 ਉਮਰ ਵਰਗਾਂ ਵਿੱਚ ਅੰਡਰ 14, ਅੰਡਰ 17, ਅੰਡਰ 21 ਅਤੇ 21 ਤੋਂ 40, ਇਸੇ ਤਰ੍ਹਾਂ 40 ਤੋਂ 50 ਅਤੇ 50 ਸਾਲ ਤੋਂ ਉਪਰ ਦੇ ਸਾਰੇ ਖਿਡਾਰੀਆਂ ਦੀਆਂ 4 ਹਜ਼ਾਰ ਤੋਂ ਵੱਧ ਅਰਜ਼ੀਆਂ ਪੁੱਜੀਆਂ ਅਤੇ ਟੀਮ ਖੇਡਾਂ ਨੂੰ ਸ਼ਾਮਲ ਕਰਕੇ 10 ਹਜ਼ਾਰ ਤੋਂ ਵੱਧ ਖਿਡਾਰੀ 2 ਸਤੰਬਰ ਨੂੰ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈਣਗੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਦੇਖਦਿਆਂ ਪੰਜਾਬ ਸਰਕਾਰ ਨੇ ਜ਼ਿਲ੍ਹਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਉਨ੍ਹਾਂ ਕਿਹਾ ਕਿ ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ।

LEAVE A REPLY

Please enter your comment!
Please enter your name here