ਐਸਸੀ ਭਾਈਚਾਰੇ ਦੇ ਲੋਕ ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ:ਹਰਚੰਦ ਬਰਸਤ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਵਿਰਾਸਤ ਸ਼ਹਿਰ ਕਪੂਰਥਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਵਿਕਾਸ ਮੋਮੀ ਅਤੇ ਹਲਕਾ ਇੰਚਾਰਜ ਮੰਜੂ ਰਾਣਾ ਵਿਚਾਲੇ ਚੱਲ ਰਿਹਾ ਵਿਵਾਦ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਦੀ ਅਦਾਲਤ ਵਿੱਚ ਪਹੁੰਚ ਗਿਆ। ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਤ ਨੇ ਵਿਕਾਸ ਮੋਮੀ ਨੂੰ ਚੰਡੀਗੜ੍ਹ ਬੁਲਾਇਆ ਅਤੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੂਨਗਰ ਵੀ ਮੌਜੂਦ ਸਨ। ਇਸ ਦੌਰਾਨ ਹਰਚੰਦ ਸਿੰਘ ਬਰਸਤ ਨੇ ਵਿਕਾਸ ਮੋਮੀ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਹਰਚੰਦ ਸਿੰਘ ਬਰਸਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਹਰ ਵਰਗ ਅਤੇ ਧਰਮ ਨੂੰ ਬਰਾਬਰ ਦਾ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਅਧਿਕਾਰੀ ਨੂੰ ਕਿਸੇ ਵਿਸ਼ੇਸ਼ ਵਰਗ ਵਿਰੁੱਧ ਗਲਤ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਇਸ ਲਈ ਮਾਮਲੇ ਦੀ ਅਸਲੀਅਤ ਜਾਣਨ ਤੋਂ ਬਾਅਦ ਦੋ ਦਿਨਾਂ ਅੰਦਰ ਕਾਰਵਾਈ ਕੀਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕ ਆਮ ਆਦਮੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਅਪਮਾਨਿਤ ਕਰਨ ਵਾਲਾ ਕੋਈ ਵੀ ਵੱਡਾ ਆਗੂ ਗਲਤ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਵਿਕਾਸ ਮੋਮੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਕਰਦੇ ਰਹਿਣਗੇ,ਪਰ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਵਲੋਂ ਥੱਪੜ ਮਾਰਨ ਅਤੇ ਜਾਤੀ ਸੂਚਕ ਸ਼ਬਦ ਬੋਲਕੇ ਸਮੁੱਚੇ ਐਸਸੀ ਭਾਈਚਾਰੇ ਦਾ ਅਪਮਾਨ ਕੀਤਾ ਹੈ,ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਕਾਸ ਮੋਮੀ ਨੇ ਕਿਹਾ ਕਿ ਬੁੱਧਵਾਰ ਨੂੰ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਤ ਨੇ ਉਨ੍ਹਾਂ ਨੂੰ ਚੰਡੀਗੜ੍ਹ ਬੁਲਾਇਆ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕਰਕੇ ਐਸਸੀ ਭਾਈਚਾਰੇ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਵਿਕਾਸ ਮੋਮੀ ਨੇ ਦੱਸਿਆ ਕਿ ਮੈਡਮ ਮੰਜੂ ਰਾਣਾ ਨੇ ਉਨ੍ਹਾਂ ਨੂੰ ਫੋਨ ਕਰਕੇ ਥੱਪੜ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਤੁਹਾਡੀ ਉਕਤ ਕਿ ਹੈ।ਇਸ ਨੂੰ ਲੈ ਕੇ ਐੱਸਸੀ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਕਾਸ ਮੋਮੀ ਨੇ ਕਿਹਾ ਕਿ ‘ਆਪ’ ਦੇ ਪੁਰਾਣੇ ਵਰਕਰਾਂ ਨੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਮ ਆਦਮੀ ਪਾਰਟੀ ਨੂੰ ਹਲਕੇ ਵਿੱਚ ਮਜਬੂਤ ਕੀਤਾ ਹੈ। ਪਰ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਵਲੋਂ ਜਾਤੀਸੂਚਕ ਸ਼ਬਦ ਬੋਲਣਾ ਅਤੇ ਪੁਰਾਣੇ ਤੇ ਮੇਹਨਤੀ ਵਰਕਰਾਂ ਨੂੰ ਅਣਦੇਖਾ ਕਰਨਾ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਚਾਹੀਦਾ ਹੈ ਪਾਰਟੀ ਦੀ ਭਲਾਈ ਲਈ ਹਲਕਾ ਇੰਚਾਰਜ ਨੂੰ ਤਰੁੰਤ ਬਦਲਿਆ ਜਾਵੇ। ਇਸ ਦੌਰਾਨ ਵਿਕਾਸ ਮੋਮੀ ਨੇ ਕਿਹਾ ਕਿ ਜੇਕਰ ‘ਆਪ’ ਦੇ ਹਲਕਾ ਇੰਚਾਰਜਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਪੰਜਾਬ ਵਿੱਚ ਐਸਸੀ ਭਾਈਚਾਰੇ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

LEAVE A REPLY

Please enter your comment!
Please enter your name here