ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਕਰਕੇ ਪਿੰਡ ਦਿਆਲਗੜ੍ਹ ਦੇ ਬੁੱਧ ਸਿੰਘ ਨੇ ਪੈਦਾ ਕੀਤੀ ਮਿਸਾਲ

ਪਟਿਆਲ਼ਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਪਟਿਆਲਾ ਦੇ ਪਿੰਡ ਦਿਆਲਗੜ੍ਹ ਦੇ ਅਗਾਂਹਵਧੂ ਕਿਸਾਨ ਬੁੱਧ ਸਿੰਘ ਨੇ 9 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਪੈਦਾ ਕੀਤੀ ਹੈ। ਬੁੱਧ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਤੇ ਠੇਕੇ ਉਤੇ ਲਈ 150 ਏਕੜ ਜ਼ਮੀਨ ‘ਚ ਖੇਤੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਲਈ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਸਟਰਾਅ ਚੌਪਰ ਤੇ ਐਮ.ਬੀ. ਪਲਾਉ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਪਿਛਲੇ 9 ਸਾਲਾਂ ਦੇ ਖੇਤੀ ਤਜਰਬੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੁਪਰ ਐਸ.ਐਮ.ਐਸ. ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਮਲਚਰ, ਪਲਟਾਵੇਂ ਹੱਲ ਅਤੇ ਰੋਟਾਵੇਟਰ, ਸੁਪਰ ਸੀਡਰ ਦੀ ਮਦਦ ਨਾਲ ਖੇਤ ਤਿਆਰ ਕਰਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।

Advertisements


ਬੁੱਧ ਸਿੰਘ ਨੇ ਦੱਸਿਆ ਕਿ ਰਹਿੰਦ-ਖੂੰਹਦ ਖੇਤ ਵਿੱਚ ਹੀ ਵਹੁਣਾ ਜ਼ਮੀਨ ਲਈ ਦੇਸੀ ਘਿਉ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧਦੀ ਹੈ, ਉਥੇ ਹੀ ਖਾਂਦਾ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਜਿਥੇ ਪਹਿਲਾਂ 5 ਥੈਲੇ ਡੀ.ਏ.ਪੀ. ਦੇ ਪੈਂਦੇ ਸਨ ਉਹ ਹੁਣ ਘੱਟ ਕੇ ਚਾਰ ਥੈਲੇ ਹੀ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਦੇ ਨਾਲ ਨਾਲ 100 ਦੁਧਾਰੂ ਪਸ਼ੂ ਵੀ ਰੱਖੇ ਹੋਏ ਹਨ ਤੇ ਜੋ ਰੂੜੀ ਖਾਦ ਬਣਦੀ ਹੈ ਉਸ ਦੀ ਵਰਤੋਂ ਵੀ ਖੇਤਾਂ ਵਿੱਚ ਹੀ ਕੀਤੀ ਜਾਂਦੀ ਹੈ ਤੇ ਗੋਬਰ ਗੈਸ ਪਲਾਂਟ ਰਾਹੀਂ ਘਰ ਵਿੱਚ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ।
ਅਗਾਂਹਵਧੂ ਕਿਸਾਨ ਬੁੱਧ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਹੁਣ ਨੂੰ ਤਰਜੀਹ ਦੇਣ ਜਿਸ ਨਾਲ ਜਿਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਗਾਂਹਵਧੂ ਕਿਸਾਨ ਬੁੱਧ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਾਂਗ ਹੋਰ ਕਿਸਾਨ ਵੀ ਖੇਤੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਵਰਗੇ ਸਹਾਇਕ ਕਿੱਤੇ ਅਪਣਾ ਕੇ ਆਪਣੀ ਆਮਦਨ ਵਧਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਸਹਾਇਕ ਕਿੱਤੇ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਟ੍ਰੇਨਿੰਗ ਕੋਰਸ ਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਵਿੱਚ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਏ ਜਾਂਦੇ ਟ੍ਰੇਨਿੰਗ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਜਿਥੇ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ, ਉੱਥੇ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਫਸਲੀ ਵਿਭਿੰਨਾ ‘ਤੇ ਜ਼ੋਰ ਵੀ ਦਿੱਤਾ।

LEAVE A REPLY

Please enter your comment!
Please enter your name here