ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਤੇ ਨਸ਼ਾ ਰਹਿਤ ਜੀਵਨ ਜਿਊਣ ਦਾ ਦਿੱਤਾ ਸੱਦਾ

ਜਲੰਧਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਹਰ ਉਮਰ ਦੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਅਤੇ ਨਸ਼ਾ ਰਹਿਤ ਜੀਵਨ ਜਿਊਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਮਰਪੁਰਾ ਕਲਾਂ ਬਲਾਕ ਨੂਰਮਹਿਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਸਦਕਾ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਸੁਭਕਾਮਨਾਵਾਂ ਦਿੰਦਿਆਂ ਚੰਗੇ ਢੰਗ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਕੇ ਅੱਗੇ ਵੱਧਣ ਲਈ ਉਤਸ਼ਾਹਿਤ ਕੀਤਾ।

Advertisements

ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਕੋਦਰ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਸਰਾਏ ਦੇ ਨਾਲ ਬਲਾਕ ਜਲੰਧਰ ਪੱਛਮੀ ਦੇ ਪਿੰਡ ਸਰਾਏ ਖਾਸ ਦਾ ਦੌਰਾ ਕਰਕੇ ਖੇਡਾਂ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

LEAVE A REPLY

Please enter your comment!
Please enter your name here