ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੈਡੀਕਲ ਕੈਂਪ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੂਰ-ਦੁਰਾਡੇ ਦੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰ ਦੇ ਕੋਲ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਨਾਲ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

Advertisements

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲੱਗਣ ਵਾਲੇ ਮੈਡੀਕਲ ਕੈਂਪਾਂ ਦੀ ਸਮਾਂ-ਸਾਰਣੀ ਇੱਕ ਹਫ਼ਤਾ ਪਹਿਲਾਂ ਤਿਆਰ ਕਰ ਲਈ ਜਾਂਦੀ ਹੈ ਅਤੇ ਸਬੰਧਤ ਪਿੰਡਾਂ ਦੇ ਵਸਨੀਕਾਂ ਨੂੰ ਇਸ ਬਾਰੇ ਅਗਾਹ ਕੀਤਾ ਜਾਂਦਾ ਹੈ ਤਾਂ ਜੋ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣ। ਇਸ ਹਫ਼ਤੇ ਲੱਗ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਡਾਲਾ, ਮੰਗੀਆਂ, ਖੰਨਾ ਚਮਾਰਾ ਵਿਖੇ ਮੈਡੀਕਲ ਕੈਂਪ ਲੱਗਣਗੇ। ਇਸੇ ਤਰਾਂ 8 ਸਤੰਬਰ ਨੂੰ ਪਿੰਡ ਸਹਿਜ਼ਾਦਾ ਕਲਾਂ, ਨਿਕੋ ਸਰਾਏ, ਸ਼ਾਹਪੁਰ ਜਾਜਨ, 9 ਸਤੰਬਰ ਨੂੰ ਪੱਖੋ ਕੇ ਮਹਿਮਾਰਾਂ, ਖੋਦੇ ਬੇਟ, ਪੱਤੀ ਹਵੇਲੀਆਂ ਅਤੇ 10 ਸਤੰਬਰ ਨੂੰ ਜੋੜੀਆਂ ਖੁਰਦ, ਰੱਤਾ ਅਤੇ ਠੇਠਰਕੇ ਵਿਖੇ ਮੈਡੀਕਲ ਕੈਂਪ ਲੱਗਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।

LEAVE A REPLY

Please enter your comment!
Please enter your name here