ਮੁੱਖ ਸਕੱਤਰ ਵੱਲੋਂ ਸਾਰੇ ਵਿਭਾਗਾਂ ਨੂੰ ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਇੱਕ ਮਹੀਨੇ ਦੇ ਅੰਦਰ ਲਾਗੂ ਕਰਨਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਲੋਕਾਂ ਨੂੰ ਨਿਰਵਿਘਨ ਕਾਰੋਬਾਰ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਾਰੋਬਾਰੀ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2022 ਤਹਿਤ ਸਾਰੇ ਵਿਭਾਗਾਂ ਨੂੰ ਇੱਕ ਮਹੀਨੇ ਅੰਦਰ ਸਾਰੇ ਸੁਧਾਰਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ।  ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਾਰੇ ਸਬੰਧਤ ਪ੍ਰਬੰਧਕੀ ਸਕੱਤਰਾਂ ਨਾਲ ਬੀ.ਆਰ.ਏ.ਪੀ. 2022 ਦੇ ਲਾਗੂ ਕਰਨ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਯੋਜਨਾ ਦੇ ਲਾਗੂ ਕਰਨ ਦੇ ਨਾਲ-ਨਾਲ ਭਾਰਤ ਸਰਕਾਰ ਦੇ ਉਪਭੋਗਤਾ ਫੀਡਬੈਕ ਦੇ ਮੰਤਵ ਲਈ ਲਾਭਪਾਤਰੀਆਂ ਦਾ ਲੋੜੀਂਦਾ ਡਾਟਾਬੇਸ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਵਿਭਾਗਾਂ ਨੂੰ ਸੰਪਰਕ ਨੰਬਰਾਂ ਸਮੇਤ ਲਾਭਪਾਤਰੀਆਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਨੂੰ ਅਸਲ ਫੀਡਬੈਕ ਮਿਲ ਸਕੇ।

Advertisements

ਜੰਜੂਆ ਨੇ ਕਿਹਾ ਕਿ ਭਾਰਤ ਸਰਕਾਰ ਦਾ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ ਕਾਰੋਬਾਰ ਨੂੰ ਸੁਖਾਲਾ ਬਣਾਉਣ (ਈ.ਡੀ.ਬੀ.) ਨੂੰ ਉਤਸ਼ਾਹਿਤ ਕਰਨ ਸਬੰਧੀ ਸੁਧਾਰਾਂ ਦੇ ਲਾਗੂ ਕਰਨ ਲਈ ਵੱਖ-ਵੱਖ ਸੂਬਿਆਂ ਦੀ ਦਰਜਾਬੰਦੀ ਕਰਦਾ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਿਛਲੀ ਦਰਜਾਬੰਦੀ ਵਿੱਚ ਪੰਜਾਬ ਨੂੰ ‘ਟੌਪ ਅਚੀਵਰਜ਼’ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੂਨ 2022 ਦੇ ਮਹੀਨੇ ਵਿੱਚ ਵਿਭਾਗ ਵੱਲੋਂ ਜਾਰੀ ਮੌਜੂਦਾ ਯੋਜਨਾ ਤਹਿਤ ਕਾਰੋਬਾਰ ਨੂੰ ਸੁਖਾਲਾ ਬਣਾਉਣ ਸਬੰਧੀ 261 ਸੁਧਾਰ ਕੀਤੇ ਗਏ ਅਤੇ ਰਹਿਣ-ਸਹਿਣ ਨੂੰ ਸੁਖਾਲਾ ਬਣਾਉਣ ਸਬੰਧੀ 94 ਹੋਰ ਸੁਧਾਰ ਵੀ ਸ਼ਾਮਲ ਕੀਤੇ ਗਏ ਹਨ।  ਜੰਜੂਆ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਸਿੰਗਲ ਵਿੰਡੋ ਸਿਸਟਮ ਸਮੇਤ ਆਨਲਾਈਨ ਸਿਸਟਮ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਵਾਉਣਾ, ਆਨਲਾਈਨ ਭੁਗਤਾਨ ਕਰਨਾ, ਆਨਲਾਈਨ ਟਰੈਕਿੰਗ, ਫਾਈਨਲ ਸਰਟੀਫਿਕੇਟ ਡਾਊਨਲੋਡ ਕਰਨਾ, ਆਨਲਾਈਨ ਤੀਜੀ ਧਿਰ ਵੱਲੋੰ ਜਾਂਚ ਕਰਨਾ, ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣਾ, ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਬੀ.ਆਰ.ਏ.ਪੀ. 2022 ਵਿੱਚ ਸ਼ਾਮਲ ਪ੍ਰਮੁੱਖ ਸੁਧਾਰ ਮਾਲ ਵਿਭਾਗ, ਪੀ.ਪੀ.ਸੀ.ਬੀ., ਕਿਰਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਲੀਗਲ ਮੈਟਰੋਲੋਜੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਨਾਲ ਸਬੰਧਤ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਅਤੇ ਨਤੀਜਾਮੁਖੀ ਢੰਗ ਨਾਲ ਮੁਕੰਮਲ ਕਰਕੇ ਲੋਕਾਂ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡੀ.ਕੇ ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਗੁਰਕੀਰਤ ਕ੍ਰਿਪਾਲ ਸਿੰਘ, ਟੈਕਸ ਕਮਿਸ਼ਨਰ ਕੇ.ਕੇ.ਯਾਦਵ, ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸਿਬਿਨ ਸੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਜਸਵਿੰਦਰ ਕੌਰ ਸਿੱਧੂ, ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ ਤੇ ਸੀਏ ਪੁੱਡਾ ਅਪਨੀਤ ਰਿਆਤ ਸ਼ਾਮਲ ਸਨ।

LEAVE A REPLY

Please enter your comment!
Please enter your name here