
ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਨ੍ਹਾਂ ਖੇਡਾਂ ਲਈ ਗੁਰਦਾਸਪੁਰ ਪੂਰੀ ਤਰਾਂ ਤਿਆਰ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 1 ਤੋਂ 7 ਸਤੰਬਰ ਤੱਕ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਕਰਵਾਏ ਗਏ ਸਨ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਵਿੱਚ ਭਾਗ ਲੈਣਗੇ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।











