ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਪ੍ਰੋ. ਇਮੇਅਨੁਅਲ ਨਾਹਰ ਵੱਲੋਂ ਨਾਭਾ ਦਾ ਦੌਰਾ

ਨਾਭਾ/ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਪ੍ਰੋ. ਇਮੇਅਨੁਅਲ ਨਾਹਰ ਨੇ ਅੱਜ ਨਾਭਾ ਦਾ ਦੌਰਾ ਕਰਦਿਆਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘੱਟ ਗਿਣਤੀਆਂ ਦੀਆਂ ਭਲਾਈ ਸਕੀਮਾਂ ਅਤੇ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਘੱਟ ਗਿਣਤੀਆਂ ਨੂੰ ਦਰਪੇਸ਼ ਮੁਸ਼ਕਿਲ ਦਾ ਨਿਪਟਾਰਾ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ। ਨਾਭਾ ਵਿਖੇ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰੋ. ਨਾਹਰ ਨੇ ਦੱਸਿਆ ਕਿ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏ ਕਿ ਜ਼ਿਲ੍ਹੇ ਵਿੱਚ ਮੌਜੂਦ ਘੱਟ ਗਿਣਤੀਆਂ ਦੀ ਵੱਸੋਂ ਦੀ ਭਲਾਈ ਲਈ ਸਰਕਾਰੀ ਸੇਵਾਵਾਂ ਸਮੇਂ ਸਿਰ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਸਲਿਮ ਤੇ ਇਸਾਈ ਭਾਈਚਾਰੇ ਦੀਆਂ ਕਬਰਿਸਤਾਨ ਸਬੰਧੀ ਮੁਸ਼ਕਲਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੰਦਿਆਂ ਕਿਹਾ ਕਿ 10 ਤੋਂ 15 ਪਿੰਡਾਂ ਦਾ ਕਲੱਸਟਰ ਬਣਾਕੇ ਕਬਰਿਸਤਾਨ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਪ੍ਰੋ. ਨਾਹਰ ਨੇ ਇਹ ਵੀ ਸਪਸ਼ੱਟ ਕਰਦਿਆਂ ਕਿਹਾ ਕਬਰਿਸਤਾਨ ਦੀ ਜਗ੍ਹਾ ਕਿਸੇ ਧਾਰਮਿਕ ਸੰਸਥਾ ਦੀ ਨਾ ਹੋਕੇ ਸਾਂਝੀ ਜਗ੍ਹਾ ਹੋਵੇਗੀ ਤੇ ਸਰਕਾਰ ਵੱਲੋਂ ਇਸ ਦੇ ਰੱਖ ਰਖਾਅ ਲਈ ਵੱਖਰੇ ਤੌਰ ਉਤੇ ਫ਼ੰਡ ਵੀ ਜਾਰੀ ਕੀਤੇ ਜਾਂਦੇ ਹਨ।

Advertisements


ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਭਾਈਚਾਰੇ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਕਮਿਸ਼ਨ ਵੱਲੋਂ ਇੱਕ ਕਿਤਾਬਚਾ ਤਿਆਰ ਕਰਵਾਇਆ ਗਿਆ ਹੈ ਜੋ ਜਲਦੀ ਹੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਘੱਟ ਗਿਣਤੀ ਨਾਲ ਸਬੰਧਤ ਭਾਈਚਾਰੇ ਦੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਕਮਿਸ਼ਨ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਕਮਿਸ਼ਨ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਪ੍ਰੋ. ਨਾਹਰ ਨੇ ਅਧਿਕਾਰੀਆਂ ਨੂੰ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਉਤੇ ਹੱਲ ਕਰਨ ਲਈ ਕਿਹਾ।


ਇਸ ਮੌਕੇ ਉਨ੍ਹਾਂ ਅਲੌਹਰਾ ਗੇਟ ਨਾਭਾ ਦੇ ਕਬਰਿਸਤਾਨ, ਪਿੰਡ ਰੋਹਟਾ ਦੇ ਕਬਰਿਸਤਾਨ ਦੇ ਰਸਤੇ ਸਬੰਧੀ ਮਾਮਲੇ, ਪਿੰਡ ਦੁਲੱਦੀ ਵਿਖੇ ਇਸਾਈ ਭਾਈਚਾਰੇ ਨੂੰ ਕਬਰਿਸਤਾਨ ਲਈ ਜਗ੍ਹਾ ਅਲਾਟ ਕਰਨ ਸਮੇਤ ਘੱਟ ਗਿਣਤੀ ਭਾਈਚਾਰੇ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਦੀਆਂ ਵਜ਼ੀਫ਼ੇ ਸਬੰਧੀ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਐਸ.ਡੀ.ਐਮ. ਨਾਭਾ ਕੰਨੂ ਗਰਗ, ਡੀ.ਐਸ.ਪੀ. ਦਵਿੰਦਰ ਅੱਤਰੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here