15 ਸਤੰਬਰ ਨੂੰ ਸ਼ੁਰੂ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ ਹੈ ਅਤੇ 15 ਸਤੰਬਰ ਨੂੰ ਸਵੇਰੇ 10:00 ਵਜੇ ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਪੋਰਟਸ ਸਟੇਡੀਅਮ, ਗੁਰਦਾਸਪੁਰ ਵਿਖੇ ਉਦਘਾਟਨੀ ਸਮਾਗਮ ਹੋਵੇਗਾ। ਜ਼ਿਲ੍ਹਾ ਪੱਧਰੀ ਖੇਡਾਂ ਨੂੰ ਲੈ ਕੇ ਖਿਡਾਰੀਆਂ ਤੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 15 ਤੋਂ 22 ਸਤੰਬਰ ਤੱਕ ਚੱਲਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹੇ ਦੇ 10 ਵੱਖ-ਵੱਖ ਮੈਦਾਨਾਂ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਸ਼ਹੀਦ ਲੈਫਟੀਨੇਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਪੋਰਟਸ ਸਟੇਡੀਅਮ, ਗੁਰਦਾਸਪੁਰ ਵਿਖੇ ਕਬੱਡੀ ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ, ਖੋ-ਖੋ, ਹਾਕੀ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਵਾਲੀਬਾਲ, ਰੈਸਲਿੰਗ ਅਤੇ ਬਾਸਕਟਬਾਲ, ਬਾਬਾ ਅਜੇ ਸਿੰਘ ਕਾਲਜ ਗੁਰਦਾਸਨੰਗਲ ਵਿੱਚ ਗਤਕਾ, ਕਿੱਕ ਬਾਕਸਿੰਗ ਅਤੇ ਬਾਕਸਿੰਗ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਦੇ ਮੈਦਾਨ ਵਿੱਚ ਹੈਂਡਬਾਲ, ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਟੇਬਲ ਟੈਨਿਸ, ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਬੈਡਮਿੰਟਨ, ਲਾਰੇਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਰੋਲਰ ਸਕੇਟਿੰਗ, ਫਿਟਨੈੱਸ ਸਟੂਡੀਓ ਜਿੰਮ ਹਰਚੋਵਾਲ ਵਿਖੇ ਵੇਟ ਲਿਫਟਿੰਗ, ਪਾਵਰ ਲਿਫਟਿੰਗ, ਗੁਰੁ ਨਾਨਕ ਕਾਲਜ ਕਾਲਾ ਅਫ਼ਗਾਨਾ ਦੇ ਸਟੇਡੀਅਮ ਵਿੱਚ ਫੁੱਟਬਾਲ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਗੁਰਦਾਸਪੁਰ ਦੇ ਮੈਦਾਨ ਵਿੱਚ ਜੁਡੋ ਦੇ ਮੁਕਾਬਲੇ ਹੋਣਗੇ।

Advertisements

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਦੇਖਣ ਲਈ ਖੇਡ ਮੈਦਾਨਾਂ ਵਿੱਚ ਜਰੂਰ ਪਹੁੰਚਣ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ।

LEAVE A REPLY

Please enter your comment!
Please enter your name here