ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਮੁਹਿੰਮ: ਖੇਤੀਬਾੜੀ ਮੰਤਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼): ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਸ ਵਾਰ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉੱਪਰ ਰੋਕ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜੋ ਮਸ਼ੀਨਰੀ ਚਾਹੀਦੀ ਹੈ ਪੰਜਾਬ ਸਰਕਾਰ ਵੱਲੋਂ ਉਸਦਾ ਪ੍ਰਬੰਧ ਕੀਤਾ ਜਾਵੇਗਾ।  

Advertisements

ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਦੁਪਹਿਰ ਸਥਾਨਿਕ ਪੰਚਾਇਤ ਭਵਨ ਵਿਖੇ  ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ (ਸਟੱਬਲ ਬਰਨਿੰਗ) ਸਬੰਧੀ ਇੱਕ ਅਹਿਮ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਸਮੂਹ ਐੱਸ.ਡੀ.ਐੱਮਜ਼ ਅਤੇ ਸਾਰੇ ਜ਼ਿਲ੍ਹਾ ਅਧਿਕਾਰੀ ਅਤੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਮੌਜੂਦ ਸਨ।

ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਤਾਂ ਜੋ ਕਿਸਾਨ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਅਸਾਨੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰ ਬਲਾਕ ਵਿੱਚ 5-5 ਸੁਪਰ ਸੀਡਰ ਦਿੱਤੇ ਜਾਣਗੇ ਜਿਨ੍ਹਾਂ ਨੂੰ ਛੋਟੇ ਕਿਸਾਨ ਮਾਮੂਲੀ ਕਿਰਾਏ ਉੱਪਰ ਲੈ ਕੇ ਵਰਤ ਸਕਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜਿੰਨੀ ਵੀ ਮਸ਼ੀਨਰੀ ਦੀ ਲੋੜ ਹੈ ਉਸਨੂੰ ਪੂਰਾ ਕਰਨ ਦੇ ਯਤਨ ਵੀ ਕੀਤੇ ਜਾ ਰਹੇ ਹਨ।

ਸ. ਧਾਲੀਵਾਲ ਨੇ ਕਿਹਾ ਕਿ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੇ ਨਾਲ ਹਰ ਵਿਭਾਗ ਆਪਣਾ 100 ਫੀਸਦੀ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤੀ ਮਸ਼ੀਨਰੀ ਬੈਂਕਾਂ ਰਾਹੀਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰ ਲੋੜਵੰਦ ਕਿਸਾਨ ਨੂੰ ਇਹ ਖੇਤੀ ਸੰਦ ਮਿਲ ਸਕਣ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਅੱਗ ਨਾ ਲਗਾਉਣ ਬਾਰੇ ਕੀਤੀਆਂ ਜਾਗਰੂਕਤਾ ਗਤੀਵਿਧੀਆਂ ਦੀ ਰੀਪੋਰਟ ਪੇਸ਼ ਕੀਤੀ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਸਾਲ 2020 ਦੌਰਾਨ ਜ਼ਿਲ੍ਹੇ ਵਿੱਚ ਅੱਗ ਲਗਾਉਣ ਦੀਆਂ 1938 ਘਟਨਾਵਾਂ ਵਾਪਰੀਆਂ ਸਨ ਜੋ ਕਿ ਸਾਲ 2021 ਵਿੱਚ ਘੱਟ ਕੇ 1395 ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਅੱਗ ਨਾ ਲਗਾਉਣ ਬਾਰੇ ਲੋਕ ਲਹਿਰ ਪੈਦਾ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਦਾ ਹਰ ਅਧਿਕਾਰੀ ਤੇ ਕਰਮਚਾਰੀ ਇੱਕ ਮਿਸ਼ਨ ਵਾਂਗ ਕੰਮ ਕਰੇਗਾ।    

LEAVE A REPLY

Please enter your comment!
Please enter your name here