ਖੇਤੀਬਾੜੀ ਵਿਭਾਗ ਨੇ ਬਲਾਕ ਸਨੌਰ ਦੇ ਪਿੰਡਾਂ ‘ਚ ਲਗਾਏ ਪਰਾਲੀ ਪ੍ਰਬੰਧਨ ਲਈ ਕੈਂਪ

ਪਟਿਆਲਾ (ਦ ਸਟੈਲਰ ਨਿਊਜ਼): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਸਨੌਰ ਬਲਾਕ ਦੇ ਪਿੰਡ ਫ਼ਤਿਹਪੁਰ ਰਾਜਪੂਤਾ ਤੇ ਸਹਿਕਾਰੀ ਸਭਾ ਸਨੌਰ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਪਿੰਡ ਅਸਰਪੁਰ, ਫ਼ਤਿਹਪੁਰ ਰਾਜਪੂਤਾਂ, ਖਾਸੀਆਂ, ਸਨੌਰ, ਬੋਸਰਪੁਰ ਖੁਰਦ ਤੇ ਲਨੀਨਾ ਕੇ ਵੱਡੀ ਗਿਣਤੀ ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਾਂਹ ਵਧੂ ਕਿਸਾਨ ਸੁਖਦੀਪ ਸਿੰਘ ਅਤੇ ਹਰਪਾਲ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ ਤੇ ਨਾਲ ਹੀ ਖਾਂਦਾ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾ ਲਗਾਉਣ ਕਰਕੇ ਕਣਕ ਦੀ ਫਸਲ ਨੂੰ ਵੀ ਲਾਭ ਹੁੰਦਾ ਤੇ ਝਾੜ ਵਿੱਚ ਵਾਧਾ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਕੀਤਾ।

Advertisements


ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਜਿੰਦਰ ਕੁਮਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਤਕਨੀਕੀ ਜਾਣਕਾਰੀ ਦਿੱਤੀ ਗਈ। ਇਹਨਾਂ ਕੈਂਪਾਂ ਵਿਚ ਸਹਿਕਾਰੀ ਸਭਾ ਦੇ ਪ੍ਰਧਾਨ ਮਹਿੰਦਰ ਸਿੰਘ ਕੌੜਾ ਅਤੇ ਸੈਕਟਰੀ ਗੋਪਾਲ ਸਿੰਘ ਵੱਲੋਂ ਕਿਸਾਨਾਂ ਨੂੰ ਸੋਸਾਇਟੀ ਤੋਂ ਮਸ਼ੀਨਰੀ ਲੈ ਕੇ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਗਈ। ਕਿਸਾਨ ਗੁਰਦੀਪ ਸਿੰਘ ਵੱਲੋਂ ਵੀ ਖੇਤੀਬਾੜੀ ਵਿਭਾਗ ਨੂੰ ਇਸ ਕੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਉਪ ਨਿਰੀਖਕ ਅਮਰਨਾਥ ਅਤੇ ਬੀ.ਟੀ.ਐਮ. ਨੇਹਾ ਕਥੂਰੀਆ ਅਤੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

LEAVE A REPLY

Please enter your comment!
Please enter your name here