ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ,ਜਿਹਨਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਇਸ ਮੌਕੇ ਯੂਨੀਅਨ ਆਗੂ ਡਾ. ਪ੍ਰਭਜੋਤ ਜੱਬਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੂਬਾ ਭਰ ਦੇ 12000 ਸਿਹਤ ਮੁਲਾਜਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਮਿਤੀ 26-09-2022 ਦਿਨ ਸੋਮਾਵਾਰ ਨੂੰ ਸੀ ਐਮ ਸਿਟੀ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਬਾਹਰ ਰੱਖੀ ਗਈ ਹੈ।

Advertisements

ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਬਾਰਾਂ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ. ਐਨ. ਐਮ, ਸਟਾਫ਼ ਨਰਸਾਂ,ਆਯੂਸ਼, ਸੀ ਐਚ ਓ, ਆਰ ਬੀ ਐਸ ਕੇ ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ।  ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਦਰਸ਼ਨਾ ਦੇ  ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ ਰਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ  ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤੇ ਸੰਤੋਸ਼ ਕੁਮਾਰੀ, ਪ੍ਰਿਅੰਕਾ ਕੌਸ਼ਲ, ਪੰਕਜ ਵਾਲੀਆਂ, ਅਵਤਾਰ ਗਿੱਲ, ਗੁਰਵਿੰਦਰ ਸਿੰਘ ਗੈਰੀ ਹਾਜ਼ਰ ਸਨ।

LEAVE A REPLY

Please enter your comment!
Please enter your name here