ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਝੋਨੇ ਦੇ ਆਗਾਮੀ ਸੀਜ਼ਨ ਲਈ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਖਰੀਦ ਸਬੰਧੀ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ, ਤਾਂ ਜੋ ਖਰੀਦ ਸੀਜਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਅੱਜ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 47 ਸ਼ੈਲਰ ਹਨ, ਜਿਨ੍ਹਾਂ ਦੀ ਅਲਾਟਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਦੀ ਸ਼ੈਲਰਾਂ ਨਾਲ Çਲੰਕਿੰਗ ਪੋਰਟਲ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸੀਜ਼ਨ ਦੌਰਾਨ ਝੋਨੇ ਦੀ ਢੋਆ-ਢੁਆਈ ਅਤੇ ਅਣਲੋਡਿੰਗ ਲਈ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਫਾਈਨਲ ਕੀਤੇ ਜਾ ਚੁੱਕੇ ਹਨ।

Advertisements


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਸਾਫ਼-ਸਫ਼ਾਈ, ਰੌਸ਼ਨੀ, ਪੀਣ ਵਾਲੇ ਪਾਣੀ, ਛਾਂ ਅਤੇ ਪਖਾਨਿਆਂ ਸਮੇਤ ਸਮੁੱਚੇ ਲੋੜੀਂਦੇ ਇੰਤਜ਼ਾਮ ਕੀਤੇ ਜਾਣ, ਤਾਂ ਜੋ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕ੍ਰਿਪਾਲ ਸਿੰਘ, ਡੀ.ਐਮ. ਐਫ.ਸੀ.ਆਈ. ਕੁਲਵਿੰਦਰ ਸਿੰਘ, ਡੀ.ਐਮ. ਪਨਸਪ ਦਿਲਜੀਤ ਸਿੰਘ, ਡੀ.ਐਮ. ਪੀ.ਐਸ.ਡਬਲਯੂ.ਸੀ. ਲਖਵਿੰਦਰ ਸਿੰਘ, ਡੀ.ਐਮ. ਮਾਰਕਫੈਡ ਸੰਜੀਵ ਚੋਪੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here