ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਨੇ ਮਨਾਇਆ ਭਾਈ ਲਾਲੋ ਜੀ ਦਾ ਪ੍ਰਕਾਸ਼ ਦਿਹਾੜਾ  

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਸੁਤਿਹਰੀ ਰੋਡ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਮਹਿਮਾਨ ਵੱਜੋੰ ਐਮ ਐਲ ਏ ਅੰਮ੍ਰਿਤਸਰ ਜੀਵਨਜੋਤ ਕੌਰ ਨੇ ਸ਼ਿਰਕਤ ਕੀਤੀ।ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ  ਇੰਡੀਆ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੀ ਦੇਖਰੇਖ ਹੇਠ ਮਨਾਏ ਗਏ ਇਸ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਗਏ।

Advertisements

ਜਿਸ ਵਿੱਚ ਸੰਤ ਬਾਬਾ ਰਣਜੀਤ ਸਿੰਘ ਜੀ ਮੁਖੀ ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸਭਾ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਪੰਥ ਪ੍ਰਸਿੱਧ ਕਥਾਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਨੇ ਭਾਈ ਲਾਲੋ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵੱਲੋਂ ‘ਬ੍ਰਹਮ ਗਿਆਨੀ ਭਾਈ ਲਾਲੋ ਜੀ ਐਵਾਰਡ’ ਸਚਖੰਡ ਵਾਸੀ ਭਾਈ ਹਰਜਿੰਦਰ ਸਿੰਘ ਵਿਰਦੀ ਅਤੇ ਡਾ ਕਰਨੈਲ ਸਿੰਘ ਕਲਸੀ ਲੁਧਿਆਣਾ (ਰਾਮਗੜ੍ਹੀਆ ਕਾਮ ਡਾਟ ਕਾਮ) ਅਤੇ ਐੱਮਐੱਮਏ ਅੰਮ੍ਰਿਤਸਰ ਪੂਰਬੀ ਬੀਬੀ ਜੀਵਨਜੋਤ ਕੌਰ, ਗੁਰਦੇਵ ਸਿੰਘ ਭੋਗਲ ਅਤੇ ਡੀਪੀਆਰਓ ਹਰਦੇਵ ਸਿੰਘ ਆਸੀ ਨੂੰ ‘ਭਾਈ ਲਾਲੋ ਜੀ ਐਪਰੀਸੀਏਸ਼ਨ ਐਵਾਰਡ’ ਦਿੱਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਵਿਚ ਬ੍ਰਹਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਰਾਮਗਡ਼੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਭਾਈ ਲਾਲੋ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਣਾ ਆਪਣੇ ਆਪ ਵਿੱਚ ਇੱਕ ਸ਼ਲਾਘਾਯੋਗ ਕਾਰਜ ਹੈ।ਕਿਉਂਕਿ ਰਾਮਗੜ੍ਹੀਆ ਭਾਈਚਾਰਾ ਕਿਰਤੀ ਅਤੇ ਧਰਮੀ ਲੋਕਾਂ ਦਾ ਸੰਗਠਨ ਹੋਣ ਦੇ ਨਾਤੇ ਉਨ੍ਹਾਂ ਦੇ ਮਨ ਵਿੱਚ ਬਹੁਤ ਸਤਿਕਾਰ ਹੈ।ਉਨ੍ਹਾਂ ਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਹ ਸੰਸਥਾ ਪੂਰੇ ਵਰਲਡ ਲੈਵਲ ਤੇ ਆਪਣੀ ਵਧੀਆ ਕਾਰਗੁਜ਼ਾਰੀ ਨਾਲ ਨਾਮਣਾ ਖੱਟ ਰਹੀ ਹੈ।ਉਨ੍ਹਾਂ ਰਾਮਗਡ਼੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੀ ਬੇਨਤੀ ਤੇ ਯਕੀਨ ਦਿਵਾਇਆ ਕਿ ਮਹਾਰਾਜਾ ਜੱਸਾ ਸਿੰਘ ਰਾਮਗਡ਼੍ਹੀਆ ਜੀ ਦਾ 300 ਸਾਲਾ ਜਨਮ ਸ਼ਤਾਬਦੀ ਸਮਾਗਮ ਸੂਬਾ ਪੱਧਰ ‘ਤੇ ਸਿੰਘਪੁਰ ਬਰਨਾਲਾ ਦੇ ਇਤਿਹਾਸਿਕ ਕਿਲੇ ਵਿੱਚ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਪੁਰਜ਼ੋਰ ਸਿਫਾਰਿਸ਼ ਕਰਨਗੇ ਅਤੇ ਇਸ ਨਾਲ ਸਬੰਧਤ ਹੋਰ ਮੰਗਾਂ ਨੂੰ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਜੀ ਦੇ ਅਨਿਨ ਸਿੱਖ ਬ੍ਰਹਮਗਿਆਨੀ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਧਰਮ ਦੀ ਕਿਰਤ ਕਰਨ ਵਾਲੇ ਬ੍ਰਹਮ ਗਿਆਨੀ ਭਾਈ ਲਾਲੋ ਜੀ ਦੀਆਂ ਸੇਵਾਵਾਂ ਨੂੰ ਸਾਰਾ ਸਿੱਖ ਜਗਤ ਬੇਹੱਦ ਸਨਮਾਨ ਦਿੰਦਾ ਹੈ।

ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਐਮ ਐਲ ਏ ਜੀਵਨਜੋਤ ਕੌਰ ਅੰਮ੍ਰਿਤਸਰ ਪੂਰਬੀ,ਪ੍ਰਿੰਸੀਪਲ ਮਾਤਾ ਰਾਮ ਧੀਮਾਨ ਪ੍ਰਧਾਨ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਵਿਸ਼ਵਕਰਮਾ ਫਰੰਟ ਪੰਜਾਬ, ਸੁਖਦੇਵ ਸਿੰਘ ਰਿਆਤ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦਿੱਲੀ,ਸਤਵੰਤ ਸਿੰਘ ਸਿਆਣ ਸੂਬਾ ਜੁਆਇੰਟ ਸਕੱਤਰ ਬੁਧੀਜੀਵੀ ਸੈੱਲ ਆਮ ਆਦਮੀ ਪਾਰਟੀ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ, ਜੰਮੂ ਕਸ਼ਮੀਰ ਅਤੇ ਚੰਡੀਗਡ਼੍ਹ ਤੋਂ ਆਏ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਨੇ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਅਗਲੇ ਸਾਲ 2023 ਲਈ “ਭਾਈ ਲਾਲੋ ਜੀ ਐਵਾਰਡ” ਉੱਘੇ ਲਿਖਾਰੀ ਮਾਸਟਰ ਵਿਸਾਖਾ ਸਿੰਘ ਘਟਾਉੜਾ ਟਾਂਡਾ ਨੂੰ ਦੇਣ ਦਾ ਐਲਾਨ ਕੀਤਾ ਅਤੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਉੱਘੇ ਸਾਈਕਲਿਸਟ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਬ੍ਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here