ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੀ ਪੂਰਵ ਸੰਧਿਆ ਮੌਕੇ ਕੈਂਡਲ ਮਾਰਚ ਤੇ ਨਾਟਕ

ਪਟਿਆਲਾ (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਦੀ ਪੂਰਵ ਸੰਧਿਆ ਮੌਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਵਾਕ-ਏ-ਥਾਨ ਅਤੇ ਕੈਂਡਲ ਮਾਰਚ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਜਦਕਿ ਪੋਲੋ ਗਰਾਊਂਡ ਵਿਖੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ ‘ਤੇ ਅਧਾਰਤ ਨਾਟਕ ‘ਬੁੱਤ ਜਾਗ ਪਿਆ’ ਦਾ ਸਫ਼ਲ ਮੰਚਨ ਹੋਇਆ। ਇੱਥੇ ਐਨ.ਆਈ.ਐਸ. ਚੌਂਕ ਤੋਂ ਸ਼ੁਰੂ ਕੀਤੇ ਗਏ ਕੈਂਡਲ ਮਾਰਚ ਵਿੱਚ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ, ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ ਡੀ ਸੀਜ  ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੋਂ ਇਲਾਵਾ ਖਿਡਾਰੀ, ਵਿਦਿਆਰਥੀ, ਆਯੁਰਵੈਦਿਕ ਤੇ ਯੂਨਾਨੀ ਡਾਕਟਰਾਂ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀਆਂ ਨੇ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪੋਲੋ ਗਰਾਊਂਡ ਵਿਖੇ ਜਾ ਕੇ ਸਮਾਪਤ ਹੋਏ ਇਸ ਪੈਦਲ ਕੈਂਡਲ ਮਾਰਚ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਉਪਰ ਫੁੱਲ ਚੜ੍ਹਾਏ ਅਤੇ ਉਨ੍ਹਾਂ ਵੱਲੋਂ ਦਰਸਾਏ ਰਾਹ ਉਤੇ ਚੱਲਣ ਦਾ ਪ੍ਰਣ ਕੀਤਾ।
ਇਸ ਉਪਰੰਤ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨ ਥਾਪਾ ਦੀ ਅਗਵਾਈ ਹੇਠ ਗੁਰਸ਼ਰਨ ਸਿੰਘ ਰਚਿਤ ਤੇ ਅਨਾਇਤ ਵੱਲੋਂ ਨਿਰਦੇਸ਼ਤ ਨਾਟਕ ‘ਬੁੱਤ ਜਾਗ ਪਿਆ’ ਦੇ ਮੰਚਨ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ, ਆਦਰਸ਼ ਅਤੇ ਵਿਚਾਰਧਾਰਾ ਨੂੰ ਦਰਸਾਇਆ ਗਿਆ। ਨਾਟਕ ਵਿੱਚ ਅਨਾਇਤ, ਰੁਪਿੰਦਰ ਸਿੰਘ, ਆਕਾਸ਼ ਤੇ ਗੁਰਦੀਪ ਸਿੰਘ ਆਦਿ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ। ਜਦਕਿ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੇਖ ਲਿਖਣ, ਸਲੋਗਨ ਲਿਖਣ ਤੇ ਪੱਗ ਬੰਨ੍ਹਣ ਦੇ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਉਪਰ ਸਹੁੰ ਚੁੱਕ ਕੇ ਲੋਕਾਂ ਦੀ ਸੇਵਾ ਸੰਭਾਲੀ ਹੈ, ਜਿਸ ਲਈ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਰੰਗਲਾ ਪੰਜਾਬ ਬਣਾਉਣ ਲਈ ਜੀਅਤੋੜ ਯਤਨ ਕੀਤੇ ਜਾ ਰਹੇ ਹਨ।

Advertisements


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 28 ਸਤੰਬਰ ਨੂੰ ਸਵੇਰੇ 6 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਤੋਂ ਸਾਈਕਲ ਰੈਲੀ ਕੱਢੀ ਜਾਵੇਗੀ ਅਤੇ ਸਵੇਰੇ 9 ਵਜੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਉਪਰ ਫੁੱਲ ਭੇਟ ਕਰਦੇ ਹੋਏ ਸ਼ਹੀਦ ਭਗਤ ਸਿੰਘ ਪਾਰਕ ਘਲੋੜੀ ਗੇਟ ਵਿਖੇ ਗਾਰਡ ਆਫ ਆਨਰ ਦਿੱਤਾ ਜਾਵੇਗਾ। ਬਾਅਦ ਵਿੱਚ ਖੇਡ ਵਿਭਾਗ ਵੱਲੋਂ ਪੋਲੋ ਗਰਾਊਂਡ ਵਿਖੇ ਪ੍ਰਦਰਸ਼ਨੀ ਮੈਚ ਖੇਡਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਉਣ ਲਈ ਕਰਵਾਏ ਜਾ ਰਹੇ ਵੱਖ ਵੱਖ ਸਮਾਗਮਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਿਰਕਤ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here