ਸ਼ਹੀਦ ਭਗਤ ਸਿੰਘ ਭਗਵੰਤ ਮਾਨ ਸਰਕਾਰ ਦੇ ਰੋਲ ਮਾਡਲ-ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਲਾਬੀ ਨੌਜਵਾਨ ਸਭਾ ਦੇ ਸਹਿਯੋਗ ਨਾਲ ਇੱਥੇ ਘਲੋੜੀ ਗੇਟ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਅਤੇ ਤਸਵੀਰ ਸਾਹਮਣੇ ਗਾਰਡ ਆਫ਼ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਸੁਨੇਹਾ ਚਲਾਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਹੁੰ ਵੀ ਚੁਕਾਈ ਗਈ।

Advertisements


ਇਸ ਮੌਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਰੋਲ ਮਾਡਲ ਹਨ। ਜੌੜਾਮਾਜਰਾ ਨੇ ਕਿਹਾ, ”ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਦੇ ਹੋਏ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ।”


ਇਸ ਮੌਕੇ ਮੌਜੂਦ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ ਅਤੇ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨੇ ਜਰੂਰ ਸਾਕਾਰ ਕਰੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸੋਸ਼ਲਿਸਟ ਸਮਾਜ ਦਾ ਸਿਧਾਂਤ ਦਿੱਤਾ, ਜਿਸ ਨਾਲ ਗਰੀਬ ਤੋਂ ਗਰੀਬ ਆਜ਼ਾਦੀ ਮਾਣ ਸਕੇ ਅਤੇ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਸ਼ਹੀਦਾਂ ਦੇ ਸੁਪਨੇ ਸਾਕਾਰ ਹੁੰਦੇ ਜਾਪ ਰਹੇ ਹਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ ਅਤੇ ਇਨਕਲਾਬੀ ਨੌਜਵਾਨ ਸਭਾ ਤੋਂ ਜਰਨੈਲ ਸਿੰਘ ਮੰਨੂ, ਏ.ਡੀ.ਸੀਜ਼ ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਆਰ.ਪੀ.ਐਸ. ਮਲਹੋਤਰਾ, ਕ੍ਰਿਸ਼ਨ ਚੰਦ ਬੁੱਧੂ, ਜਸਵੀਰ ਗਾਂਧੀ, ਸੁਰਜੀਤ ਸਕਰੌਦੀ, ਅਮਰੀਕ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਪੁਨੀਤ ਕੋਰੀਅਨ, ਆਰਿਫ਼ ਖ਼ਾਨ ਤੇ ਇਲਾਕਾ ਨਿਵਾਸੀ ਮੌਜੂਦ ਸਨ। ਇਸ ਦੌਰਾਨ ਦੇਸ਼ ਦੇ ਸ਼ਹੀਦਾਂ ਉਪਰ ਅਧਾਰਤ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।


ਇਸ ਤੋਂ ਪਹਿਲਾਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਤੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਇਸ ਵਿੱਚ ਰੌਆਇਲ ਪਟਿਆਲਾ ਟੂਅਰ ਦੀ ਪਟਿਆਲਾ, ਗਰੀਨ ਬਾਈਕਰਸ, ਫਰੈਂਡਜ਼ ਆਨ ਵੀਲ੍ਹਜ, ਹਿਮਾਲਿਅਨ ਸਾਇਕਲਜ਼ ਅਤੇ ਪਟਿਆਲਾ ਰੋਡੀ ਦੇ ਸਾਇਕਲ ਸਵਾਰ ਸ਼ਾਮਲ ਸਨ। ਇਸ ਰੈਲੀ ਨੂੰ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

LEAVE A REPLY

Please enter your comment!
Please enter your name here