ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਰੈਲੀ ਫਿਰੋਜ਼ਪੁਰ ਵਿਖੇ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਰੈਲੀ ਵਿਚ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।  ਇਸ ਮੌਕੇ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੀ ਇਕ ਜ਼ਰੀਆ ਹੈ।

Advertisements

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਪ੍ਰਕ੍ਰਿਆ ਨੂੰ ਸਾਕਾਰ ਕਰਨ ਲਈ ਦਿਨ ਭਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਸ ਦੇਸ਼ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ।  ਇਸ ਮੌਕੇ ਵਿਧਾਇਕ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ਾਂ ਅਤੇ ਵਿਦੇਸ਼ਾਂ ਚ ਵਸੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ ‘ਤੇ ਵਧਾਈ ਦਿੱਤੀ। ਇਸ ਅਵਸਰ ‘ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਵਚਨਬੱਧਤਾ ਦੁਹਰਾਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੇ ਇਕ ਹਿੱਸੇ ਵਜੋਂ ਇਹ ਰੈਲੀ ਕਰਵਾਈ ਗਈ ਹੈ। 

ਇਸ ਮੌਕੇ ਰੈਲੀ ਵਿੱਚ ਭਾਗ ਲੈਣ ਵਾਲਿਆਂ ਨੇ ਬਸੰਤੀ ਦੁਪੱਟੇ ਤੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦੀ ਇਹ ਰੈਲੀ ਸਾਰਾਗੜ੍ਹੀ ਤੋਂ ਸ਼ੁਰੂ ਹੋ ਕੇ ਊਧਮ ਸਿੰਘ ਚੌਕ, ਮੁਲਤਾਨੀ ਗੇਟ ਤੋਂ ਹੁੰਦੀ ਹੋਈ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸਮਾਧ ‘ਤੇ ਜਾ ਕੇ ਸਮਾਪਤ ਹੋਈ। ਰੈਲੀ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਅਰਿਆਂ ਨਾਲ ਆਕਾਸ਼ ਗੂੰਜਾ ਦਿੱਤਾ। ਇਸ ਰੈਲੀ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਦੇ ਮੈਂਬਰ, ਆਂਗਣਵਾੜੀ ਵਰਕਰਜ਼, ਐਨ ਜੀ ਓਜ਼ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚਿਆਂ, ਨੌਜਵਾਨਾਂ, ਔਰਤਾਂ ਤੇ ਪੁਰਸ਼ਾਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here