ਲਾਇਸੰਸ ਲਈ 7 ਅਕਤੂਬਰ ਤੱਕ ਕੀਤਾ ਜਾ ਸਕਦੈ ਅਪਲਾਈ, ਡਰਾਅ 10 ਅਕਤੂਬਰ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪ੍ਰਚੂਨ ਵਿਚ ਪਟਾਖੇ ਵੇਚਣ ਸਬੰਧੀ ਟੈਂਪਰੇਰੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ਲਾਇਸੰਸ ਡਰਾਅ ਪ੍ਰਕਿਰਿਆ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਰਖਾਸਤਾਂ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ। ਚਾਹਵਾਨ ਵਿਅਕਤੀ 30 ਸਤੰਬਰ 2022 ਤੋਂ 7 ਅਕਤੂਬਰ 2022 ਤੱਕ ਸ਼ਾਮ 5 ਵਜੇ ਤੱਕ ਆਪਣੇ ਇਲਾਕੇ ਦੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰ ਰਾਹੀਂ ਫੀਸ ਜਮ੍ਹਾਂ ਕਰਵਾ ਕੇ ਦਰਖਾਸਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੀ ਦਰਖਾਸਤ ਨਾਲ ਇਕ ਸਵੈ-ਘੋਸ਼ਣਾ ਪੱਤਰ, ਦੋ ਪਾਸਪੋਰਟ ਸਾਈਜ ਫੋਟੋ ਅਤੇ ਰਿਹਾਇਸ਼ ਸਬੰਧੀ ਪਰੂਫ/ਆਧਾਰ ਕਾਰਡ ਦੀ ਕਾਪੀ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ਲਾਇਸੰਸ ਡਰਾਅ ਪ੍ਰਕਿਰਿਆ / ਲਾਟਰੀ ਸਿਸਟਮ ਰਾਹੀਂ 10 ਅਕਤੂਬਰ 2022 ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੇ ਮੀਟਿੰਗ ਹਾਲ ਵਿਖੇ ਅਲਾਟ ਕੀਤੇ ਜਾਣਗੇ। ਇਹ ਆਰਜ਼ੀ ਲਾਇਸੰਸ ਕੇਵਲ ਪ੍ਰਸ਼ਾਸਨ ਵਲੋਂ ਨਿਰਧਾਰਤ ਕੀਤੀਆਂ ਗਈਆਂ ਥਾਵਾਂ ’ਤੇ ਹੀ ਪਟਾਖੇ ਵੇਚਣ ਲਈ ਜਾਰੀ ਕੀਤੇ ਜਾਣਗੇ। ਉਨ੍ਹਾਂ ਆਮ ਜਨਤਾ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ/ਡਰਾਅ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਸ਼ਲ ਡਿਸਟੈਂਸਿੰਗ ਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ। ਪ੍ਰਾਰਥੀ ਪ੍ਰਚੂਨ ਪਟਾਖੇ ਵੇਚਣ ਸਬੰਧੀ ਪ੍ਰਸ਼ਾਸਨ ਵਲੋਂ ਨਿਰਧਾਰਤ ਕੀਤੀਆਂ ਥਾਵਾਂ ਲਈ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਰਿਟੇਲ ਪਟਾਖੇ ਵੇਚਣ ਲਈ ਜ਼ਿਲ੍ਹੇ ਵਿਚ 19 ਥਾਵਾਂ ਲਈ 57 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਸਥਾਈ ਲਾਇਸੰਸ ਅਤੇ ਨਿਸ਼ਚਿਤ ਕੀਤੇ ਗਏ ਸਥਾਨਾਂ ਤੋਂ ਇਲਾਵਾ ਜੇਕਰ ਕੋਈ ਪਟਾਖਾ ਵਿਕਰੇਤਾ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਹੁਸ਼ਿਆਰਪੁਰ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਉਂਡ (ਨਵੀਂ ਆਬਾਦੀ) ਹੁਸ਼ਿਆਰਪੁਰ ਲਈ 14, ਜ਼ਿਲ੍ਹਾ ਪ੍ਰੀਸ਼ਦ ਮਾਰਕੀਟ (ਅੱਡਾ ਮਾਹਿਲਪੁਰ ਹੁਸ਼ਿਆਰਪੁਰ) ਲਈ 6, ਰੌਸ਼ਨ ਗਰਾਊਂਡ ਹੁਸ਼ਿਆਰਪੁਰ ਲਈ 2, ਰਾਮ ਲੀਲਾ ਗਰਾਊਂਡ ਹਰਿਆਣਾ ਲਈ 3, ਬੁਲੋਵਾਲ ਖੁੱਲ੍ਹੇ ਸਥਾਨ ’ਤੇ ਇਕ ਅਤੇ ਚੱਬੇਵਾਲ ਖੁੱਲ੍ਹੇ ਸਥਾਨ ’ਤੇ ਇਕ ਲਾਇਸੰਸ ਜਾਰੀ ਕੀਤਾ ਜਾਵੇਗਾ। ਸਬ-ਡਵੀਜ਼ਨ ਗੜ੍ਹਸ਼ੰਕਰ ਲਈ ਮਿਲਟਰੀ ਗਰਾਊਂਡ ਲਈ 4, ਮਾਹਿਲਪੁਰ ਫਗਵਾੜਾ ਰੋਡ ’ਤੇ ਸਥਿਤ ਨਗਰ ਪੰਚਾਇਤ ਮਾਹਿਲਪੁਰ ਦੀ ਮਾਲਕੀ ਵਾਲੀ ਜਗ੍ਹਾ ਲਈ 3, ਕੋਟ ਫਤੂਹੀ ਦੇ ਬਿੰਜੋ ਰੋਡ ’ਤੇ ਪਈ ਖਾਲੀ ਜਗ੍ਹਾ ’ਤੇ 2 ਲਾਇਸੰਸ ਜਾਰੀ ਕੀਤੇ ਜਾਣਗੇ।  ਦਸੂਹਾ ਸਬ-ਡਵੀਜ਼ਨ ਵਿਚ ਮਹਾਰਿਸ਼ੀ ਵਾਲਮੀਕਿ ਪਾਰਕ ਦਸੂਹਾ ਲਈ 2, ਬਲਾਕ ਸੰਮਤੀ ਸਟੇਡੀਅਮ ਦਸੂਹਾ ਲਈ 3, ਦੁਸਹਿਰਾ ਗਰਾਊਂਡ ਗੜ੍ਹਦੀਵਾਲਾ ਲਈ 2, ਖਾਲਸਾ ਕਾਲਜ ਦੀ ਗਰਾਊਂਡ ਗੜ੍ਹਦੀਵਾਲਾ ਲਈ 2, ਸ਼ਿਮਲਾ ਪਹਾੜੀ ਪਾਰਕ ਉੜਮੁੜ ਲਈ 3, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਟਾਂਡਾ ਦੀ ਗਰਾਊਂਡ ਲਈ 2 ਲਾਇਸੰਸ ਜਾਰੀ ਕੀਤੇ ਜਾਰੀ ਕੀਤੇ ਜਾਣਗੇ। ਇਸ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਵਿਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 2, ਦੁਸਹਿਰਾ ਗਰਾਊਂਡ ਹਾਜੀਪੁਰ ਲਈ 2, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ 2 ਅਤੇ ਦੁਸਹਿਰਾ ਗਰਾਊਂਡ ਦਾਤਾਰਪੁਰ ਲਈ 1 ਲਾਇਸੰਸ ਜਾਰੀ ਕੀਤਾ ਜਾਵੇਗਾ।  

Advertisements

LEAVE A REPLY

Please enter your comment!
Please enter your name here