ਕੈਬਨਿਟ ਮੰਤਰੀ ਜਿੰਪਾ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਆਗਾਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਉਦੋਂ ਰਾਹ ਪੱਧਰਾ ਕਰ ਦਿੱਤਾ ਗਿਆ ਜਦੋਂ ਅੱਜ ਉਨ੍ਹਾਂ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਪਿੰਡ ਸ਼ੇਰਗੜ੍ਹ ਤੋਂ ਆਗਾਜ਼ ਕੀਤਾ ਗਿਆ। ਡਰੋਨ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਵੱਡੇ ਉਪਰਾਲੇ ਸਦਕਾ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।  

Advertisements


ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਵਾਲੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜ਼ਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਕਾਨੂੰਗੋ ਅਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਵਿਲੇਜ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਤਕਨੀਕੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਕੀਮ ਦੀ ਸ਼ੁਰੂਆਤ ਹੁਸ਼ਿਆਰਪੁਰ ਹਲਕੇ ਤੋਂ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੇ ਬਾਕੀ ਹਲਕਿਆਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ। ਸ਼੍ਰੀ ਜਿੰਪਾ ਨੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ।


ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਬੀ.ਡੀ.ਪੀ.ਓ.-2 ਸੁਖਦੇਵ ਸਿੰਘ, ਤਹਿਸੀਲਦਾਰ ਹਰਕਰਮ ਸਿੰਘ, ਸਰਪੰਚ ਗੁਰਮੀਤ ਕੌਰ, ਪੰਚ ਰਜਿੰਦਰ, ਪਰਮਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਕੈਲਾਸ਼ ਰਾਣੀ, ਟੇਕ ਚੰਦ, ਮਲਕੀਤ ਸਿੰਘ, ਕੁਲਦੀਪ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here