ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, (ਦ ਸਟੈਲਰ ਨਿਊਜ਼) : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਵੱਖ ਵੱਖ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਸਕੀਮਾਂ ਦੀ ਸਾਰੀ ਕਾਰਵਾਈ ਸਮਾਬੱਧ ਤਰੀਕੇ ਨਾਲ ਨੇਪਰੇ ਚੜ੍ਹਾਈ ਜਾਵੇ ਅਤੇ ਆਮ ਲੋਕਾਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨਾ ਵੀ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰੀਸ਼ਦ ਵਿਖੇ ਸਮਾਜਿਕ ਸੁਰੱਖਿਆ ਵਿਭਾਗ, ਐਸ.ਸੀ ਤੇ ਬੀ.ਸੀ. ਕਾਰਪੋਰੇਸ਼ਨ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਮਿਸ਼ਨ ਮੈਨੇਜਰ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ, ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸਕੀਮਾਂ ਸਬੰਧੀ ਜ਼ਿਲ੍ਹੇ ਵਿੱਚ ਹਰੇਕ ਮਹੀਨੇ ਲਗਾਏ ਜਾਂਦੇ ਜਨ ਸੁਵਿਧਾ ਕੈਂਪਾਂ ਵਿੱਚ ਆਏ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਮੌਕੇ ਉਤੇ ਹੀ ਸਕੀਮਾਂ ਦਾ ਲਾਭ ਦੇਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Advertisements

ਉਨ੍ਹਾਂ ਬਾਗਬਾਨੀ ਵਿਭਾਗ ਨੂੰ ਸਰਦੀਆਂ ਦੇ ਮੌਸਮ ਦੀਆਂ ਸਬਜ਼ੀਆਂ ਦੀਆਂ ਆਈਆਂ ਕਿੱਟਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਤਾਲਮੇਲ ਕਰਕੇ ਪੋਸ਼ਣ ਵਾਟਿਕਾ ਵਿੱਚ ਲਗਵਾਉਣ ਲਈ ਕਿਹਾ। ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਪਿੰਡਾਂ ਵਿੱਚ ਪੌਂਡ ਬਣਾਉਣ ਲਈ ਜਮੀਨ ਦੀ ਸ਼ਨਾਖਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਉਨ੍ਹਾਂ ਜਮੀਨਾਂ ਦੀ ਵਰਤੋਂ ਮੱਛੀ ਪਾਲਣ ਲਈ ਕੀਤੀ ਜਾਵੇ ਜਿਥੇ ਖੇਤੀਬਾੜੀ ਨਹੀਂ ਕੀਤੀ ਜਾ ਰਹੀ।
ਵਧੀਕ ਡਿਪਟੀ ਕਮਿਸ਼ਨਰ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਸਵੈ ਰੋਜ਼ਗਾਰ ਲਈ ਜੋ ਵਿਭਾਗ ਵੱਲੋਂ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ ਉਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਕੋਰਸ ਕਰਕੇ ਆਪਣਾ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰ ਸਕਣ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਐਸ.ਸੀ. ਤੇ ਬੀ.ਸੀ. ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਮੀਟਿੰਗ ‘ਚ ਸਬੰਧਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here