ਕੈਬਨਿਟ ਮੰਤਰੀ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ  

ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ।

Advertisements

 ਸ੍ਰੀ ਮੁਕੇਸ਼ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਤਾਇਨਾਤ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਮਰੀਕ ਸਿੰਘ ਧਾਲੀਵਾਲ, ਐਸ ਡੀ ਐਮ ਜਸਪ੍ਰੀਤ ਸਿੰਘ, ਡੀ ਐਫ ਐਸ ਸ੍ਰੀ ਨਰਿੰਦਰ ਸਿੰਘ, ਮਦਨ ਗੋਪਾਲ, ਤਰਸੇਮ ਤੋਲੋਵਾਲੀਆ, ਹਰਮੇਸ਼ ਨਾਗਰਾ, ਸੇਠੀ ਕੁਲਾਰਾਂ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਪੱਲੇਦਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here