ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਪਾਤੜਾਂ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ


ਪਾਤੜਾਂ (ਦ ਸਟੈਲਰ ਨਿਊਜ਼)। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਗਏ ਸਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਆਮ ਲੋਕਾਂ ਅਤੇ ਕਿਸਾਨਾਂ ਦੀ ਆਪਣੀ ਸਰਕਾਰ ਹੈ, ਇਸ ਲਈ ਉਹ ਹਮੇਸ਼ਾ ਆਪਣੇ ਕਿਸਾਨਾਂ ਦੇ ਨਾਲ ਖੜ੍ਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ ਅਤੇ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਵਿਕਣ ਲਈ ਆਈ ਜਿਣਸ ਦਾ ਦਾਣਾ-ਦਾਣਾ ਖਰੀਦ ਕੇ ਇਸ ਦੀ ਅਦਾਇਗੀ ਵੀ 24 ਘੰਟਿਆਂ ਤੋਂ ਪਹਿਲਾਂ-ਪਹਿਲਾਂ ਕਰਨੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਹਲਕਾ ਵਿਧਾਇਕ ਜਾਂ ਅਧਿਕਾਰੀਆਂ ਨਾਲ ਸੰਪਰਕ ਕਰੇ।

Advertisements


ਇੱਥੇ ਕਿਸਾਨਾਂ ਅਤੇ ਆੜਤੀਆਂ ਵੱਲੋਂ ਪਾਤੜਾਂ ਮੰਡੀ ਦਾ ਫੜ੍ਹ ਛੋਟਾ ਹੋਣ ਕਾਰਨ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਬਾਰੇ ਖੇਤੀਬਾੜੀ ਮੰਤਰੀ, ਜ਼ਿਨ੍ਹਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਰਵਾਸੀ ਮਾਮਲੇ ਵਿਭਾਗ ਵੀ ਹਨ, ਨੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਮੁੱਖ ਮੰਤਰੀ ਹਨ, ਜਿਸ ਲਈ ਪਾਤੜਾਂ ਦੀ ਅਨਾਜ ਮੰਡੀ ਦਾ ਮਸਲਾ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਖੇਤੀਬਾੜੀ ਰਹਿੰਦ-ਖੂੰਹਦ ਅਤੇ ਪਰਾਲੀ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ ਪਰੰਤੂ ਇਸ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕਰ ਲਏ ਹਨ, ਜਿਸ ਲਈ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੰਭਾਲਣ।


ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਹਰੇਕ ਮੰਤਰੀ ਅਤੇ ਵਿਧਾਇਕ ਲੋਕਾਂ ਨਾਲ ਜੁੜਿਆ ਹੋਇਆ ਆਗੂ ਹੋਣ ਕਰਕੇ ਕੰਮ ਕਰਨ ‘ਚ ਯਕੀਨ ਕਰਦਾ ਹੈ ਅਤੇ ਇਸੇ ਲਈ ਉਹ ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਵੱਲੋਂ ਕੀਤੇ ਅਚਾਨਕ ਦੌਰੇ ਨੂੰ ਲੈ ਕੇ ਆੜਤੀਆਂ ਅਤੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here