ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 1568 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 68 ਮੰਡੀਆਂ ਵਿਚ ਖਰੀਦ ਦੇ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਪ੍ਰੇਸ਼ਾਨੀ ਅਤੇ ਖੱਜਲ-ਖੁਆਰੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਝੋਨੇ ਵਿਚ ਨਮੀ ਦੀ ਮਾਤਰਾ ਦਾ ਪਤਾ ਲਗਾਉਣ ਲਈ ਮੰਡੀਆਂ ਦੇ ਐਂਟਰੀ ਪੁਆਇੰਟਾਂ ’ਤੇ ਹੀ ਇਸ ਨੂੰ ਚੈਕ ਕਰਨ ਦੇ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਇਸੇ ਤਰ੍ਹਾਂ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਅਤੇ ਬਿਨ੍ਹਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਲੱਗੀ ਕੰਬਾਇਨ ਨਾਲ ਝੋਨਾ ਕੱਟਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਰਹਿੰਦ-ਖੂਹੰਦ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੁੰਦੀ ਹੈ, ਦਾ ਵੀ ਨੁਕਸਾਨ ਹੋ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਕੰਬਾਇਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਟੈਚ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦਾ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਇਸ ਨੂੰ ਖੇਤ ਵਿਚ ਹੀ ਵਾਹਿਆ ਜਾ ਸਕਦਾ ਹੈ ਜਾਂ ਇਸ ਦੀਆਂ ਗੱਠਾਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬਸਿਡੀ ’ਤੇ ਆਧੁਨਿਕ ਮਸ਼ੀਨਰੀ ਹਾਸਲ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਜਾਂ ਸਹਿਕਾਰੀ ਸੋਸਾਇਟੀਆਂ ਦੇ ਡਿਪਟੀ ਰਜਿਸਟਰਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਸਾਫ਼-ਸਫ਼ਾਈ, ਰੌਸ਼ਨੀ, ਪੀਣ ਵਾਲੇ ਪਾਣੀ, ਛਾਂ ਅਤੇ ਪਖਾਨਿਆਂ ਸਮੇਤ ਸਮੁੱਚੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Advertisements

LEAVE A REPLY

Please enter your comment!
Please enter your name here