ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ

ਐਸ.ਏ.ਐਸ.ਨਗਰ (ਮੁਹਾਲੀ),(ਦ ਸਟੈਲਰ ਨਿਊਜ਼)। ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ ਦੁਸਹਿਰੇ (ਵਿਜੈਦਸ਼ਮੀ) ਦੇ ਪਵਿੱਤਰ ਮੌਕੇ ਦੇਸ਼ ਵਾਸੀਆਂ ਖਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਦੋਵੇਂ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਇਹ ਦੋਵੇਂ ਤਿਉਹਾਰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ ਜੋ ਸਮਾਜ ਵਿੱਚ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਬਰਾਬਰੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਦਾ ਮਾਰਗ ਦਰਸਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਕੇ ਇਸ ਖੁਸ਼ੀ ਦੇ ਮੌਕੇ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ-ਭੇਦ ਤੋਂ ਉੱਪਰ ਉੱਠ ਕੇ ਪੂਰੇ ਧਾਰਮਿਕ ਜੋਸ਼ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।  ਭਗਵੰਤ ਮਾਨ ਨੇ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।
ਇਸ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ‘ਤੇ ਪੰਜਾਬੀਆਂ ਨੂੰ ਵਿਸ਼ੇਸ਼ ਤੌਰ ‘ਤੇ ਮਾਣ ਹਾਸਲ ਹੈ ਕਿਉਂਕਿ ਰਮਾਇਣ ਦਾ ਮਹਾਂਕਾਵਿ ਪੰਜਾਬ ਵਿਚ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਧਰਤੀ ‘ਤੇ ਰਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਦ੍ਰਿੜ੍ਹ ਰਹਿਣ, ਆਪਣੇ ਗੁੱਸੇ ਨੂੰ ਕਾਬੂ ਵਿਚ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ।  ਭਗਵੰਤ ਮਾਨ ਨੇ ਕਿਹਾ ਕਿ ਇਹ ਤਿੰਨੇ ਕਾਰਨ ਹੀ ਸਭ ਤੋਂ ਸੂਝਵਾਨ ਵਿਅਕਤੀ ਦੇ ਪਤਨ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਨਾ ਸਿਰਫ਼ ਸਾਡੇ ਪ੍ਰੇਰਨਾ ਸਰੋਤ ਹਨ, ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਵਿੱਚ ਵੀ ਰਾਹ ਦਸੇਰਾ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੇ ਜ਼ਰੀਏ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨਾ ਹੈ। ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਨੂੰ ਬੁਲੰਦੀ ‘ਤੇ ਲਿਜਾਣ ਲਈ ਇਨ੍ਹਾਂ ਤਿਉਹਾਰਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਹਾਲੀ ਵਿਖੇ ਗਰਾਊਂਡ ਨੂੰ ਸਿਰਫ਼ ਦੁਸਹਿਰਾ ਮਨਾਉਣ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ‘ਤੇ ਕੋਈ ਵੀ ਵਪਾਰਕ ਗਤੀਵਿਧੀ ਨਹੀਂ ਹੋਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

Advertisements

LEAVE A REPLY

Please enter your comment!
Please enter your name here