Tuesday, October 20, 2026
Home Latest ਪਿੰਡ ਹਸਨਪੁਰ ਦੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਕਾਰਨ ਉਸਦੇ...

ਪਿੰਡ ਹਸਨਪੁਰ ਦੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਕਾਰਨ ਉਸਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਕੀਤੀ

ਗੁਰਦਾਸਪੁਰ(ਦ ਸਟੈਲਰ ਨਿਊਜ਼): ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ ਜੋ ਕਿ ਮਨੁੱਖਾਂ ਸਮੇਤ ਹਰ ਜੀਵ-ਜੰਤੂ ਲਈ ਘਾਤਕ ਹੈ। ਇਸ ਸਭ ਕੁਝ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਵੀ ਲਗਾਈ ਗਈ ਹੈ।

Advertisements

ਮੁੱਖ ਖੇਤੀਬਾੜੀ ਅਧਿਕਾਰੀ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਦੇ ਤਕਨੀਕੀ ਹੱਲ ਵੀ ਦੱਸੇ ਜਾ ਰਹੇ ਹਨ। ਇਸਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਉਸ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਮਾਲ ਵਿਭਾਗ ਵੱਲੋਂ ‘ਰੈੱਡ ਐਂਟਰੀ’ ਕੀਤੀ ਜਾਵੇਗੀ ਜੋ ਕਿ ਉਨ੍ਹਾਂ ਲਈ ਮੁਸ਼ਕਲ ਖੜੀ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬਟਾਲਾ ਨੇੜਲੇ ਪਿੰਡ ਹਸਨਪੁਰ ਦੇ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਉਸਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਵੀ ਗਈ ਹੈ। ਮੁੱਖ ਖੇਤੀਬਾੜੀ ਅਧਿਕਾਰੀ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਜਾਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਅਗਲੀਆਂ ਫਸਲਾਂ ਬੀਜ਼ਣ ਸਬੰਧੀ ਕਿਸਾਨਾਂ ਨੇ ਕੋਈ ਵੀ ਜਾਣਕਾਰੀ ਲੈਣੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here