ਜ਼ਿਲ੍ਹੇ ਦੀਆਂ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸੰਦੀਪ ਹੰਸ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 53 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਅਤੇ 45 ਖਰੀਦ ਕੇਂਦਰਾਂ ਵਿਚ ਖਰੀਦ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 12441 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 5360 ਮੀਟ੍ਰਿਕ ਟਨ, ਮਾਰਕਫੈਡ ਵਲੋਂ 3649, ਪਨਸਪ ਵਲੋਂ 1772, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 971, ਐਫ.ਸੀ.ਆਈ. ਵਲੋਂ 559 ਅਤੇ ਵਪਾਰੀਆਂ ਵਲੋਂ 130 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਖਰੀਦ ਕੇਂਦਰਾਂ ਵਿਚ ਨਿਰਵਿਘਨ ਤੇ ਸੁਚਾਰੂ ਖਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Advertisements

LEAVE A REPLY

Please enter your comment!
Please enter your name here